Punjab

ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਨੂੰ ਝਟਕਾ, ਜ਼ਮਾਨਤ ਅਰਜ਼ੀ ਰੱਦ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਪਿਛਲੇ ਦਿਨੀਂ ਹੁਸ਼ਿਆਰਪੁਰ ਤੋਂ ਗ੍ਰਿਫਤਾਰ ਕੀਤੇ ਸਾਬਕਾ ਐਸ .ਐਸ.ਪੀ ਚਰਨਜੀਤ ਸ਼ਰਮਾ ਦੀ ਜ਼ਮਾਨਤ ਅਰਜ਼ੀ ‘ਤੇ ਫਰੀਦਕੋਟ ਅਦਾਲਤ ਨੇ ਅੱਜ ਸ਼ਨਿੱਚਰਵਾਰ ਨੂੰ ਸੁਣਵਾਈ ਕਰਦਿਆਂ ਜ਼ਮਾਨਤ ਅਰਜ਼ੀ ਨੂੰ ਰੱਦ ਕਰ ਦਿੱਤਾ ਹੈ। ਜਾਣਕਾਰੀ ਮੁਤਾਬਕ ਸਾਬਕਾ ਪੁਲਿਸ ਮੁਖੀ ਚਰਨਜੀਤ ਸ਼ਰਮਾ ਦੀ ਜ਼ਮਾਨਤ ਅਰਜ਼ੀ ਸਥਾਨਕ ਜ਼ਿਲ੍ਹਾ ਤੇ ਸੈਸ਼ਨ ਜੱਜ ਹਰਪਾਲ ਸਿੰਘ ਨੇ ਰੱਦ ਕਰ ਦਿੱਤੀ ਹੈ। ਇਸ ਦੌਰਾਨ ਸਾਬਕਾ ਪੁਲਿਸ ਮੁਖੀ ਦੇ ਪਰਿਵਾਰਕ ਮੈਂਬਰਾਂ ਨੇ ਜ਼ਮਾਨਤ ਲੈਣ ਲਈ ਹਾਈਕੋਰਟ ਚ ਅਪੀਲ ਕਰਨ ਦੀ ਵੀ ਗੱਲ ਕਹੀ ਹੈ। ਜ਼ਿਕਰਯੋਗ ਹੈ ਕਿ ਬਹਿਬਲ ਕਲਾਂ ਗੋਲੀਕਾਂਡ ਵਿੱਚ ਮੁਲਜ਼ਮ ਤੇ ਮੋਗਾ ਦੇ ਸਾਬਕਾ ਐੱਸਐੱਸਪੀ ਚਰਨਜੀਤ ਸਿੰਘ ਸ਼ਰਮਾ ਨੇ 25 ਫਰਵਰੀ 2019 ਨੂੰ ਫ਼ਰੀਦਕੋਟ ਦੀ ਜ਼ਿਲ੍ਹਾ ਤੇ ਸੈਸ਼ਨਜ਼ ਅਦਾਲਤ ਵਿੱਚ ਆਪਣੀ ਨਿਯਮਤ ਜ਼ਮਾਨਤ ਲਈ ਅਰਜ਼ੀ ਦਾਖ਼ਲ ਕੀਤੀ ਸੀ। ਇੱਥੇ ਵਰਨਣਯੋਗ ਹੈ ਕਿ ਚਰਨਜੀਤ ਸ਼ਰਮਾ ਨੂੰ ਬੀਤੀ 27 ਜਨਵਰੀ ਨੂੰ ਹੁਸ਼ਿਆਰਪੁਰ ਸਥਿਤ ਉਨ੍ਹਾਂ ਦੀ ਰਿਹਾਇਸ਼ਗਾਹ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। 6 ਫ਼ਰਵਰੀ ਤੱਕ ਅਦਾਲਤ ਨੇ ਉਨ੍ਹਾਂ ਨੂੰ ਪੁਲਿਸ ਰਿਮਾਂਡ ’ਤੇ ਰੱਖਣ ਤੋਂ ਬਾਅਦ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ। ਇਸ ਵੇਲੇ ਉਹ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਕੈਦ ਹਨ। ਬਹਿਬਲ ਕਲਾਂ ਕਾਂਡ ਦੇ ਤਿੰਨ ਹੋਰ ਮੁਲਜ਼ਮਾਂ ਐੱਸਪੀ ਬਿਕਰਮਜੀਤ ਸਿੰਘ, ਇੰਸਪੈਕਟਰ ਪ੍ਰਦੀਪ ਸਿੰਘ ਤੇ ਸਬ–ਇੰਸਪੈਕਟਰ ਅਮਰਜੀਤ ਸਿੰਘ ਨੂੰ ਪੰਜਾਬ ਤੇ ਹਰਿਆਣਾ ਕੋਰਟ ਤੋਂ ਪਹਿਲਾਂ ਹੀ ਅਗਾਊਂ ਜ਼ਮਾਨਤ ਮਿਲ ਚੁੱਕੀ ਹੈ। ਪਿਛਲੇ ਵਰ੍ਹੇ ਅਗਸਤ ਮਹੀਨੇ ਇਨ੍ਹਾਂ ਚਾਰ ਪੁਲਿਸ ਅਧਿਕਾਰੀਆਂ ਦੇ ਨਾਂਅ ਉਸ ਐੱਫ਼ਆਈਆਰ ਵਿੱਚ ਦਰਜ ਕੀਤੇ ਗਏ ਸਨ, ਜਿਹੜੀ ਬਾਜਾਖਾਨਾ ਪੁਲਿਸ ਥਾਣੇ ਵਿੱਚ 21 ਅਕਤੂਬਰ, 2015 ਨੂੰ ਦਾਇਰ ਕੀਤੀ ਗਈ ਸੀ। ਇਸ ਐੱਫ਼ਆਈਆਰ ਵਿੱਚ ਚਾਰ ਪੁਲਿਸ ਅਧਿਕਾਰੀਆਂ ਦੇ ਨਾਂਅ ਜਸਟਿਸ (ਸੇਵਾ–ਮੁਕਤ) ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਪੇਸ਼ ਹੋਣ ਤੋਂ ਬਾਅਦ ਜੋੜੇ ਗਏ ਸਨ।

Show More

Related Articles

Leave a Reply

Your email address will not be published. Required fields are marked *

Close