Punjab

ਚੋਣਾਂ ਦੌਰਾਨ ਪੰਜਾਬ ਨੂੰ ਵਿਦੇਸ਼ੀ ਤਾਕਤਾਂ ਤੋਂ ਚੌਕਸ ਰਹਿਣ ਦੀ ਲੋੜ: DGP

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਅੰਤਰ–ਰਾਜੀ ਤਾਲਮੇਲ ਕਮੇਟੀ ਦੇ ਅਧਿਕਾਰੀਆਂ ਅਤੇ ਵੱਖ ਵੱਖ ਲਾਅ ਇਨਫੋਰਸਮੈਂਟ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਪੰਜਾਬ ਰਾਜ ਦੇ ਮੁੱਖ ਚੋਣ ਅਫਸਰ ਪੰਜਾਬ ਡਾ. ਐਸ.ਕਰੁਣਾ ਰਾਜੂ ਅਤੇ ਡੀ.ਜੀ.ਪੀ ਪੰਜਾਬ ਦਿਨਕਰ ਗੁਪਤਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੀਟਿੰਗ ਵਿੱਚ ਪੰਜਾਬ ਤੋਂ ਇਲਾਵਾ ਹਿਮਾਚਲ ਪ੍ਰਦੇਸ਼, ਰਾਜਸਥਾਨ, ਹਰਿਆਣਾ, ਚੰਡੀਗੜ੍ਹ ਅਤੇ ਜੰਮੂ-ਕਸ਼ਮੀਰ ਦੇ ਅਧਿਕਾਰੀ ਹਾਜ਼ਰ ਸਨ।ਮੀਟਿੰਗ ਵਿੱਚ ਸ੍ਰੀ ਆਰ.ਐਨ.ਢੋਕੇ ਏ.ਡੀ.ਜੀ.ਪੀ. ਕਮ ਨੋਡਲ ਅਫਸਰ ਇਲੈਕਸ਼ਨ, ਐਡੀਸ਼ਨਲ ਸੀ.ਈ.ਓ. ਕਵਿਤਾ ਸਿੰਘ, ਐਡੀਸ਼ਨਲ ਸੀ.ਈ.ਓ. ਸਿਬਨ. ਸੀ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਮੁੱਖ ਚੋਣ ਅਫਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਕਿਹਾ ਕਿ ਚੋਣਾਂ ਦੌਰਾਨ ਪੰਜਾਬ ਅਤੇ ਇਸ ਦੇ ਗੁਆਂਢੀ ਸੂਬੇ ਅੰਤਰ–ਰਾਜੀ ਨਾਕਿਆਂ ਦੀ ਸਥਾਪਨਾ ਨੂੰ ਯਕੀਨੀ ਬਨਾਉਣ ਅਤੇ ਇੱਥੋਂ ਲੰਘਣ ਵਾਲੇ ਵਾਹਨਾਂ ਦੀ ਚੈਕਿੰਗ ਵੀ ਯਕੀਨੀ ਤੌਰ ਤੇ ਕਰਨ। ਉਨ੍ਹਾਂ ਕਿਹਾ ਕਿ ਵਾਹਨ ਕਿਸੇ ਵੀ ਤਰ੍ਹਾਂ ਦਾ ਹੋਵੇ, ਉਹ ਭਾਵੇਂ ਸਰਕਾਰੀ ਗੱਡੀ ਹੋਵੇ ਜਾਂ ਐਂਬੂਲੈਂਸ ਹੋਵੇ, ਚੈਕਿੰਗ ਹਰ ਇਕ ਦੀ ਕੀਤੀ ਜਾਣੀ ਹੈ।
ਡਾ. ਰਾਜੂ ਨੇ ਕਿਹਾ ਕਿ ਦਿੱਲੀ ਅਤੇ ਹੋਰ ਰਾਜਾਂ ਤੋਂ ਆਉਣ ਵਾਲੀਆਂ ਵੋਲਵੋ ਬੱਸਾਂ ਅਤੇ ਟਰੱਕਾਂ ਆਦਿ ਦੀ ਚੈਕਿੰਗ ਅਚਨਚੇਤ ਨਾਕੇ ਲਗਾ ਕੇ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸੀ.ਸੀ.ਟੀ.ਵੀ. ਕੈਮਰੇ ਵੀ ਇਨ੍ਹਾਂ ਨਾਕਿਆਂ ਉੱਤੇ ਲਗਾਏ ਜਾਣ।
ਡਾ. ਰਾਜੂ ਨੇ ਕਿਹਾ ਕਿ ਵੱਖ-ਵੱਖ ਇਨਫੋਰਸਮੈਂਟ ਏਜੰਸੀਆਂ ਇਸ ਗੱਲ ਨੂੰ ਯਕੀਨੀ ਬਨਾਉਣ ਕਿ ਚੋਣਾਂ ਪਾਰਦਰਸ਼ੀ ਅਤੇ ਬਿਨਾਂ ਕਿਸੇ ਡਰ ਭੈਅ ਦੇ ਕਰਵਾਇਆਂ ਜਾਣ। ਇਸ ਦੌਰਾਨ ਵਿਸ਼ੇਸ਼ ਤੌਰ ‘ਤੇ ਉਮੀਦਵਾਰਾਂ ਵੱਲੋਂ ਚੋਣ ਪ੍ਰਚਾਰ ਲਈ ਤੈਅ ਸੀਮਾ 70 ਲੱਖ ਰੁਪਏ ਸਬੰਧੀ ਵਿਸ਼ੇਸ਼ ਨਿਗਰਾਨੀ ਰਖੀ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੇ ਸੰਭਾਵੀ ਨਸ਼ੀਲੇ ਪਦਾਰਥਾਂ, ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਤੇ ਵੀ ਪੂਰੀ ਨਿਗਾਹ ਰੱਖੀ ਜਾਵੇ।ਉਨ੍ਹਾਂ ਕਿਹਾ ਕਿ ਆਨਲਾਈਨ ਟਰਾਂਜੈਕਸ਼ਨਾਂ, ਗੈਰ ਕਾਨੂੰਨੀ ਤੌਰ ਤੇ ਲਿਆਂਦੀ ਜਾ ਰਹੀ ਨਕਦੀ ਤੇ ਨਿਗਾਹ ਰੱਖੀ ਜਾਵੇ ਕਿਉਂਕਿ ਵੋਟਾਂ ਨੂੰ ਪ੍ਰਭਾਵਿਤ ਕਰਨ ਲਈ ਪੈਸੇ ਦੀ ਸਭ ਤੋਂ ਜ਼ਿਆਦਾ ਵਰਤੋਂ ਦੀਆਂ ਸ਼ਿਕਾਇਤਾਂ ਮਿਲਦੀਆਂ ਹਨ। ਇਸ ਤੋਂ ਇਲਾਵਾ ਕਿਸੇ ਵੀ ਧਾਰਮਿਕ ਸਥਾਨ ਦੀ ਵਰਤੋਂ ਚੋਣ ਪ੍ਰਚਾਰ ਲਈ ਨਾ ਕਰਨ ਦਿੱਤੀ ਜਾਵੇ।ਮੀਟਿੰਗ ਨੂੰ ਸੰਬੋਧਨ ਕਰਦਿਆਂ ਡੀ.ਜੀ.ਪੀ. ਪੰਜਾਬ ਸ੍ਰੀ ਦਿਨਕਰ ਗੁਪਤਾ ਨੇ ਪੰਜਾਬ ਦੇ ਗੁਆਂਢੀ ਸੂਬਿਆਂ ਦੇ ਅਧਿਕਾਰੀਆਂ ਅਤੇ ਵੱਖ ਵੱਖ ਲਾਅ ਇਨਫੋਰਸਮੈਂਟ ਏਜੰਸੀਆਂ ਦੇ ਅਧਿਕਾਰੀਆਂ ਨੂੰ ਕਾਨੂੰਨ ਵਿਵਸਥਾ ਸਬੰਧੀ ਜਾਣਕਾਰੀਆਂ ਸਾਂਝਾ ਕਰਨ ਦੀ ਹਦਾਇਤ ਕੀਤੀ ਗਈ।ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਸਰਹੱਦ ਨਾਲ ਲਗਦਾ ਹੋਣ ਕਾਰਨ ਸੂਬੇ ਵਿੱਚ ਵਿਦੇਸ਼ੀ ਤਾਕਤਾਂ ਵੱਲੋਂ ਗੜਬੜ ਕਰਵਾਉਣ ਦੇ ਬੀਤੇ ਸਮੇਂ ਵਿੱਚ ਕਈ ਵਾਰ ਯਤਨ ਕੀਤੇ ਜਾ ਚੁਕੇ ਹਨ ਜਿਨ੍ਹਾਂ ਨੂੰ ਵੇਖਦੇ ਹੋਏ ਸੁਰੱਖਿਆ ਏਜੰਸੀਆਂ ਨੂੰ ਹੋਰ ਚੌਕਸ ਹੋ ਕੇ ਕੰਮ ਕਰਨ ਦੀ ਲੋੜ ਹੈ।ਸ਼੍ਰੀ ਗੁਪਤਾ ਨੇ ਕਿਹਾ ਕਿ ਕੁਝ ਦਿਨਾਂ ਵਿੱਚ ਹੀ ਪੰਜਾਬ ਰਾਜ ਵਿੱਚ ਨਾਮਜ਼ਦਗੀਆਂ ਦਾਖਲ ਕਰਨ ਦੀ ਪ੍ਰਕ੍ਰਿਆ ਸ਼ੁਰੂ ਹੋ ਜਾਵੇਗੀ, ਜਿਸ ਕਾਰਨ ਰਾਜਨੀਤਿਕ ਗਤੀਵਿਧਿਆਂ ਵਿੱਚ ਤੇਜ਼ੀ ਆ ਜਾਵੇਗੀ। ਇਸ ਦੌਰਾਨ ਪੰਜਾਬ ਰਾਜ ਵਿੱਚ ਸੁਰੱਖਿਆ ਏਜੰਸੀਆਂ ਹਰ ਪੱਖ ਤੋਂ ਸੁਰੱਖਿਆ ਨੂੰ ਯਕੀਨੀ ਬਣਾਉਣਗੇ।

Show More

Related Articles

Leave a Reply

Your email address will not be published. Required fields are marked *

Close