Punjab

ਬਹਿਬਲ ਕਲਾਂ ਗੋਲੀਕਾਂਡ ਮਾਮਲੇ ’ਚ ਕਿਸੇ ਨੂੰ ਨਹੀਂ ਦਿੱਤੀ ਕਲੀਨ ਚਿੱਟ-SIT

ਬਹਿਬਲ ਕਲਾਂ ਗੋਲੀ ਕਾਂਡ ਵਿੱਚ ਤਫ਼ਤੀਸ਼ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿੱਟ) ਨੇ ਅੱਜ ਐਤਵਾਰ ਨੂੰ ਉਨ੍ਹਾਂ ਮੀਡੀਆ ਰਿਪੋਰਟਾਂ ਨੂੰ ਸਪੱਸ਼ਟ ਤੌਰ ‘ਤੇ ਖਾਰਜ ਕੀਤਾ ਹੈ ਜਿਨ੍ਹਾਂ ਵਿੱਚ ਕੁਝ ਵਿਅਕਤੀਆਂ ਨੂੰ ਉਕਤ ਕੇਸ ਵਿੱਚ ਕਲੀਨ ਚਿੱਟ ਦੇਣ ਦਾ ਦਾਅਵਾ ਕੀਤਾ ਗਿਆ ਹੈ। ਵਿਸ਼ੇਸ਼ ਜਾਂਚ ਟੀਮ ਦਾ ਕਹਿਣਾ ਹੈ ਕਿ ਉਸ ਵੱਲੋਂ ਸਿਰਫ਼ ਇੱਕ ਦੋਸ਼ੀ ਖਿਲਾਫ਼ ਹੀ ਚਲਾਨ ਪੇਸ਼ ਕੀਤਾ ਗਿਆ ਹੈ।
ਪੰਜਾਬ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਇਹ ਮਾਮਲਾ ਅਜੇ ਜਾਂਚ ਅਧੀਨ ਹੈ ਅਤੇ ਕਈ ਪਹਿਲੂਆਂ ‘ਤੇ ਤਫਤੀਸ਼ ਜਾਰੀ ਹੈ। ਬੁਲਾਰੇ ਨੇ ਕਿਹਾ ਕਿ ਤਫਤੀਸ਼ ਮੁਕੰਮਲ ਹੋਣ ਤੱਕ ਕਿਸੇ ਵੀ ਵਿਅਕਤੀ ਵਿਸ਼ੇਸ਼ ਨੂੰ ਕਲੀਨ ਚਿੱਟ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।ਫਰੀਦਕੋਟ ਅਦਾਲਤ ਵਿੱਚ ਪੇਸ਼ ਕੀਤਾ ਗਿਆ 792 ਪੇਜ ਦਾ ਚਲਾਨ ਜਿਸਦਾ ਮੀਡੀਆ ਰਿਪੋਰਟਾਂ ਵਿੱਚ ਵੀ ਜ਼ਿਕਰ ਕੀਤਾ ਗਿਆ ਹੈ, ਉਹ ਸਿਰਫ਼ ਇੱਕ ਦੋਸ਼ੀ ਸਾਬਕਾ ਐਸ.ਐਸ.ਪੀ. ਚਰਨਜੀਤ ਸਿੰਘ ਸ਼ਰਮਾ ਖਿਲਾਫ਼ ਹੀ ਪੇਸ਼ ਕੀਤਾ ਗਿਆ ਹੈ। ਬੁਲਾਰੇ ਨੇ ਕਿਹਾ ਕਿ ਇਹ ਚਲਾਨ ਠੋਸ ਸਬੂਤਾਂ ‘ਤੇ ਅਧਾਰਿਤ ਹੈ, ਜਿਸ ਵਿੱਚ ਅਜੇ ਵੀ ਕਈ ਪਹਿਲੂਆਂ ‘ਤੇ ਦੋਸ਼ੀ ਖਿਲਾਫ਼ ਜਾਂਚ ਜਾਰੀ ਹੈ।
ਬੁਲਾਰੇ ਨੇ ਅੱਗੇ ਕਿਹਾ ਕਿ ਤਫ਼ਤੀਸ਼ ਮੁਕੰਮਲ ਹੋਣ ਉਪਰੰਤ ਚਰਨਜੀਤ ਸ਼ਰਮਾ ਸਮੇਤ ਕਾਨੂੰਨ ਅਨੁਸਾਰ ਦੋਸ਼ੀ ਪਾਏ ਜਾਣ ਵਾਲੇ ਵਿਅਕਤੀਆਂ ਖਿਲਾਫ਼ ਤਰਤੀਮਾ ਚਲਾਨ (ਸਪਲੀਮੈਂਟਰੀ ਚਲਾਨ) ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਬੁਲਾਰੇ ਨੇ ਕਿਹਾ ਕਿ ਅਸਲ ਵਿੱਚ ਜਾਂਚ ਅਜੇ ਜਾਰੀ ਹੈ ਅਤੇ ਕਿਸੇ ਨੂੰ ਵੀ ਕਲੀਨ ਚਿੱਟ ਦੇਣ ਦੀ ਅਜੇ ਕੋਈ ਸੰਭਾਵਨਾ ਨਹੀਂ ਬਣਦੀ। ਅਧੂਰੀ ਜਾਂਚ ਦੇ ਆਧਾਰ ਤੇ ਚਲਾਨ ਵਜੋਂ ਪੇਸ਼ ਕੀਤੇ ਗਏ ਇੱਕ ਦਸਤਾਵੇਜ਼ ਨੂੰ ਉਨ੍ਹਾਂ ਵਿਅਕਤੀਆਂ ਨੂੰ ਕਲੀਨ ਚਿੱਟ ਦੇਣ ਦੇ ਸਬੂਤ ਵਜੋਂ ਨਹੀਂ ਲਿਆ ਜਾ ਸਕਦਾ ਜਿਨ੍ਹਾਂ ਦਾ ਚਲਾਨ ਵਿਚ ਜ਼ਿਕਰ ਨਹੀਂ ਕੀਤਾ ਗਿਆ। ਇਸ ਗੱਲ ਦਾ ਜ਼ਿਕਰ ਕਰਦਿਆਂ ਕਿ ਉਕਤ ਮੀਡੀਆ ਰਿਪੋਰਟਾਂ ਨੇ ਖੁਦ ਹੀ ਇਸ ਗੱਲ ਦਾ ਪ੍ਰਗਟਾਵਾ ਕਰ ਦਿੱਤਾ ਹੈ ਕਿ ਸਿੱਟ ਵੱਲੋਂ ਐਫ.ਆਈ.ਆਰ. ਵਿੱਚ ਦਰਜ ਅਜੇ ਵੀ ਘੱਟੋ ਘੱਟ ਐਸ.ਪੀ. ਬਿਕਰਮਜੀਤ ਸਿੰਘ, ਪ੍ਰਦੀਪ ਕੁਮਾਰ ਅਤੇ ਅਮਰਜੀਤ ਸਿੰਘ ਨਾਮੀ 3 ਵਿਅਕਤੀਆਂ ਖਿਲਾਫ਼ ਚਲਾਨ ਪੇਸ਼ ਕੀਤਾ ਜਾਵੇਗਾ, ਬੁਲਾਰੇ ਨੇ ਕਿਹਾ ਕਿ ਇਹ ਸਪੱਸ਼ਟ ਹੈ ਕਿ ਹੁਣ ਤੱਕ ਪੇਸ਼ ਕੀਤਾ ਗਿਆ ਚਲਾਨ ਅਧੂਰੀ ਜਾਂਚ ‘ਤੇ ਅਧਾਰਿਤ ਹੈ।

ਬੁਲਾਰੇ ਨੇ ਸਪੱਸ਼ਟ ਕਰਦਿਆਂ ਕਿਹਾ ਕਿ ਉਕਤ ਕੇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਵਿਅਕਤੀਆਂ ਖਿਲਾਫ਼ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।

Show More

Related Articles

Leave a Reply

Your email address will not be published. Required fields are marked *

Close