Punjab

ਪਾਕਿਸਤਾਨ ਵੱਲੋਂ ਮਿੱਥੇ ਸਮੇਂ ‘ਤੇ ਕਰਤਾਰਪੁਰ ਲਾਂਘਾ ਖੋਲ੍ਹਣ ਦਾ ਐਲਾਨ

ਪਾਕਿਸਤਾਨ ਨੇ ਸਪਸ਼ਟ ਕੀਤਾ ਹੈ ਕਿ ਕਰਤਾਰਪੁਰ ਸਾਹਿਬ ਲਾਂਘਾ ਸ਼੍ਰੀ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਅਗਲੇ ਮਹੀਨੇ ਖੋਲ੍ਹ ਦਿੱਤਾ ਜਾਵੇਗਾ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਕਿਹਾ ਕਿ ਸਾਰਾ ਕੰਮ ਸਮੇਂ ‘ਤੇ ਮੁਕੰਮਲ ਹੋ ਜਾਏਗਾ ਤੇ ਸਹੀ ਸਮੇਂ ‘ਤੇ ਲਾਂਘਾ ਖੋਲ੍ਹ ਦਿੱਤਾ ਜਾਏਗਾ। ਉਂਝ ਉਨ੍ਹਾਂ ਨੇ ਇਹ ਵੀ ਸਪਸ਼ਟ ਕੀਤਾ ਕਿ ਲਾਂਘੇ ਦੇ ਉਦਘਾਟਨ ਦੀ ਅਜੇ ਕੋਈ ਪੱਕੀ ਤਰੀਕ ਤੈਅ ਨਹੀਂ ਕੀਤੀ ਗਈ।

ਯਾਦ ਰਹੇ ਲਾਂਘੇ ਦੇ ਪ੍ਰਾਜੈਕਟ ਦੀ ਦੇਖ-ਰੇਖ ਕਰ ਰਹੇ ਸੀਨੀਅਰ ਅਧਿਕਾਰੀ ਨੇ ਕੁਝ ਸਮਾਂ ਪਹਿਲਾਂ ਐਲਾਨ ਕੀਤਾ ਸੀ ਕਿ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ 9 ਨਵੰਬਰ ਤੋਂ ਆਉਣ ਦੀ ਇਜਾਜ਼ਤ ਦਿੱਤੀ ਜਾਵੇਗੀ। ਬੇਸ਼ੱਕ ਪਾਕਿਸਤਾਨ ਸਰਕਾਰ ਨੇ ਲਾਂਘਾ ਸਹੀ ਸਮੇਂ ‘ਤੇ ਖੋਲ੍ਹਣ ਦਾ ਭਰੋਸਾ ਦਿੱਤਾ ਹੈ ਪਰ ਨਾਲ ਹੀ ਸਪਸ਼ਟ ਕੀਤਾ ਹੈ ਕਿ ਅਜੇ ਕੋਈ ਤਾਰੀਖ ਤੈਅ ਨਹੀਂ ਹੋਈ। ਵਿਦੇਸ਼ ਦਫ਼ਤਰ ਦੇ ਬੁਲਾਰੇ ਨੇ ਕਿਹਾ ਕਿ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਵੀ ਉਦਘਾਟਨੀ ਸਮਾਗਮ ਲਈ ਰਸਮੀ ਤੌਰ ‘ਤੇ ਸੱਦਾ ਭੇਜਿਆ ਗਿਆ ਹੈ।

ਲਾਹੌਰ ਤੋਂ 125 ਕਿਲੋਮੀਟਰ ਦੂਰ ਨਾਰੋਵਾਲ ‘ਚ ਕਰਤਾਰਪੁਰ ਲਾਂਘੇ ਦੇ ਪ੍ਰਾਜੈਕਟ ਦਾ ਜਾਇਜ਼ਾ ਲੈਣ ਲਈ 16 ਸਤੰਬਰ ਨੂੰ ਪਾਕਿਸਤਾਨੀ ਤੇ ਵਿਦੇਸ਼ੀ ਪੱਤਰਕਾਰਾਂ ਦੇ ਆਏ ਵਫ਼ਦ ਨੂੰ ਪ੍ਰਾਜੈਕਟ ਡਾਇਰੈਕਟਰ ਆਤਿਫ਼ ਮਾਜਿਦ ਨੇ ਦੱਸਿਆ ਸੀ ਕਿ ਲਾਂਘੇ ਦਾ ਕੰਮ 86 ਫ਼ੀਸਦੀ ਮੁਕੰਮਲ ਹੋ ਚੁੱਕਾ ਹੈ ਤੇ ਇਹ ਸੰਗਤ ਲਈ 9 ਨਵੰਬਰ ਨੂੰ ਖੋਲ੍ਹ ਦਿੱਤਾ ਜਾਵੇਗਾ।

ਇਹ ਲਾਂਘਾ ਕਰਤਾਰਪੁਰ ‘ਚ ਗੁਰਦੁਆਰਾ ਦਰਬਾਰ ਸਾਹਿਬ ਨੂੰ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ‘ਚ ਪੈਂਦੇ ਡੇਰਾ ਬਾਬਾ ਨਾਨਕ ਨਾਲ ਜੋੜੇਗਾ ਤੇ ਭਾਰਤੀ ਸ਼ਰਧਾਲੂਆਂ ਨੂੰ ਵੀਜ਼ਾ ਮੁਕਤ ਦਰਸ਼ਨਾਂ ਦੀ ਸਹੂਲਤ ਦਿੱਤੀ ਜਾਵੇਗੀ। ਪਾਕਿਸਤਾਨ ਵੱਲੋਂ ਭਾਰਤੀ ਸਰਹੱਦ ਤੋਂ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਤੱਕ ਲਾਂਘੇ ਦੀ ਉਸਾਰੀ ਕੀਤੀ ਜਾ ਰਹੀ ਹੈ ਜਦਕਿ ਡੇਰਾ ਬਾਬਾ ਨਾਨਕ ਤੋਂ ਸਰਹੱਦ ਤੱਕ ਭਾਰਤ ਨਿਰਮਾਣ ਕਾਰਜ ਕਰਵਾ ਰਿਹਾ ਹੈ।

Show More

Related Articles

Leave a Reply

Your email address will not be published. Required fields are marked *

Close