Punjab

ਸੁਖਬੀਰ ਨੂੰ ਗੁਰੂ ਨਾਨਕ ਸਾਹਿਬ ਦੇ ਫਲਸਫੇ ਦਾ ਹੀ ਨਹੀਂ ਪਤਾ”: ਕੈਪਟਨ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਸਾਬਕਾ ਵਿਧਾਇਕ ਸੁਖਬੀਰ ਸਿੰਘ ਬਾਦਲ ਦੇ ਹਲਕੇ ਜਲਾਲਾਬਾਦ ਵਿੱਚ ਕਾਂਗਰਸੀ ਉਮੀਦਵਾਰ ਰਵਿੰਦਰ ਸਿੰਘ ਆਵਲਾ ਦੇ ਵਿਸ਼ਾਲ ਰੋਡ ਸ਼ੋਅ ਨਾਲ ਵੱਡਾ ਪ੍ਰਭਾਵ ਪਾਉਂਦੇ ਹੋਏ ਐਲਾਨ ਕੀਤਾ ਕਿ ਅਕਾਲੀ ਦਲ ਦੇ ਪ੍ਰਧਾਨ ਦਾ ਹੰਕਾਰ ਹੀ ਉਸ ਨੂੰ ਅਤੇ ਉਸ ਦੀ ਪਾਰਟੀ ਨੂੰ ਖਤਮ ਕਰ ਦੇਵੇਗਾ ਅਤੇ ਜ਼ਿਮਨੀ ਚੋਣਾਂ ਦੇ ਨਤੀਜਿਆਂ ਵਿੱਚ ਅਕਾਲੀ ਦਲ ਦਾ ਮੁਕੰਮਲ ਸਫਾਇਆ ਹੋ ਜਾਵੇਗਾ।
ਰੋਡ ਸ਼ੋਅ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਨ੍ਹਾਂ ਚੋਣਾਂ ਦੇ ਨਤੀਜੇ ਸੁਖਬੀਰ ਵੱਲੋਂ ਜਲਾਲਾਬਾਦ ਦੇ ਲੋਕਾਂ ਨੂੰ ਆਪਣੀ ਜੇਬ ਵਿੱਚ ਹੋਣ ਦੀ ਖੁਸ਼ਫਹਿਮੀ ਤੋਂ ਵੀ ਮੁਕਤ ਕਰ ਦੇਣਗੇ ਕਿਉਂਕਿ ਸੁਖਬੀਰ ਦਾ ਹੰਕਾਰ ਹੀ ਉਸ ਨੂੰ ਤਬਾਹ ਕਰੇਗਾ। ਉਨ੍ਹਾਂ ਕਿਹਾ ਕਿ ਅੱਜ ਦੇ ਰੋਡ ਸ਼ੋਅ ਦੌਰਾਨ ਹਲਕੇ ਦੇ ਹਜ਼ਾਰਾਂ ਲੋਕਾਂ ਦਾ ਉਮੜਿਆ ਜਨ ਸੈਲਾਬ ਹੀ ਕਾਂਗਰਸੀ ਉਮੀਦਵਾਰ ਦੀ ਜਿੱਤ ਉਪਰ ਪੱਕੀ ਮੋਹਰ ਲਾ ਰਿਹਾ ਹੈ।
ਅਤਿਵਾਦ ਦੇ ਸਮੇਂ ਦੌਰਾਨ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੇ ਦੋਸ਼ ਵਿੱਚ ਲੰਬੇ ਸਮੇਂ ਤੋਂ ਜੇਲ੍ਹਾਂ ਕੱਟ ਰਹੇ ਪੁਲਿਸ ਕਰਮੀਆਂ ਦੀ ਰਿਹਾਈ ਲਈ ਸੂਬਾ ਸਰਕਾਰ ਵੱਲੋਂ ਕੀਤੀ ਅਪੀਲ ਦੀ ਸੁਖਬੀਰ ਵੱਲੋਂ ਆਲੋਚਨਾ ਕਰਨ ਨੂੰ ਕਰੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਸ ਦੌਰ ਵਿੱਚ ਪੰਜਾਬ ਅਤੇ ਦੇਸ਼ ਦੀ ਰੱਖਿਆ ਕਰਦੇ ਹੋਏ ਹਜ਼ਾਰਾਂ ਪੁਲਿਸ ਕਰਮੀਆਂ ਨੇ ਆਪਣੀ ਜਾਨ ਗੁਆਈ। ਉਨ੍ਹਾਂ ਕਿਹਾ ਕਿ ਇਨ੍ਹਾਂ ਪੁਲਿਸ ਕਰਮੀਆਂ ਵੱਲੋੋਂ ਉਸ ਵੇਲੇ ਕੀਤੀ ਕਾਰਵਾਈ ਅਤਿਵਾਦ ਖਿਲਾਫ ਲੜਨ ਦੀ ਲੋੜ ਤੋਂ ਪ੍ਰੇਰਿਤ ਸੀ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਨੂੰ ਮਨੁੱਖਤਾ ਦੇ ਆਧਾਰ ‘ਤੇ ਛੱਡਣਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦਇਆ ਤੇ ਪਰਉਪਕਾਰ ਦੇ ਫਲਸਫੇ ਅਨੁਸਾਰ ਹੈ। ਉਨ੍ਹਾਂ ਕਿਹਾ, ”ਪਰ ਤੁਸੀਂ ਆਸ ਨਹੀਂ ਕਰ ਸਕਦੇ ਕਿ ਸੁਖਬੀਰ ਰਹਿਮ ਤੇ ਮਨੁੱਖਤਾ ਨੂੰ ਸਮਝੇਗਾ।” ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਸਿਰਫ ਜ਼ੁਬਾਨੀ ਤੌਰ ‘ਤੇ ਸਿੱਖ ਧਰਮ ਦੀਆਂ ਕਦਰਾਂ ਕੀਮਤਾਂ ਤੇ ਗੁਰੂ ਸਾਹਿਬ ਦੇ ਫਲਸਫੇ ਦੀ ਗੱਲ ਕੀਤੀ ਹੈ, ਅਮਲੀ ਰੂਪ ਕਦੇ ਨਹੀਂ ਦਿੱਤਾ।
ਕਾਂਗਰਸੀ ਉਮੀਦਵਾਰ ਆਂਵਲਾ ਵਿੱਚ ਆਪਣੇ ਭਰੋਸੇ ਨੂੰ ਸਪੱਸ਼ਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਉਮੀਦਵਾਰ ਵੱਲੋਂ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕਰਨ ਨੂੰ ਯਕੀਨੀ ਬਣਾਉਣਗੇ। ਊਧਮ ਸਿੰਘ ਚੌਕ ਵਿਚ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਾਰੀ ਪਾਰਟੀ ਆਉਣ ਵਾਲੀਆਂ ਸਾਰੀਆਂ ਜ਼ਿਮਨੀ ਚੋਣਾਂ ਵਿਚ ਕਾਂਗਰਸ ਦੇ ਉਮੀਦਵਾਰਾਂ ਲਈ ਭਾਰੀ ਜਿੱਤ ਯਕੀਨੀ ਬਣਾਉਣ ਲਈ ਸਖ਼ਤ ਮਿਹਨਤ ਕਰ ਰਹੀ ਹੈ। ਅੱਜ ਮੁੱਖ ਮੰਤਰੀ ਦੇ ਨਾਲ ਰਵਿੰਦਰ ਸਿੰਘ ਆਂਵਲਾ ਤੋਂ ਇਲਾਵਾ ਪਾਰਟੀ ਆਗੂ ਆਸ਼ਾ ਕੁਮਾਰੀ, ਸੁਨੀਲ ਜਾਖੜ, ਰਾਣਾ ਗੁਰਮੀਤ ਸਿੰਘ ਸੋਢੀ, ਸਾਧੂ ਸਿੰਘ ਧਰਮਸੋਤ ਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਨਾਲ ਸਨ। ਰੋਡ ਸ਼ੋਅ ਵਿੱਚ ਸ਼ਾਮਲ ਹੋਣ ਵਾਲੇ ਹੋਰਨਾਂ ਪਤਵੰਤਿਆਂ ਵਿੱਚ ਧਮਰਾਮਬੀਰ ਅਗਨੀਹੋਤਰੀ, ਸੁਖਪਾਲ ਸਿੰਘ ਭੁੱਲਰ, ਕਰਨ ਕੌਰ ਬਰਾੜ ਅਤੇ ਦਮਨ ਥਿੰਦ ਬਾਜਵਾ ਸ਼ਾਮਲ ਸਨ।

Show More

Related Articles

Leave a Reply

Your email address will not be published. Required fields are marked *

Close