Punjab

ਸ਼੍ਰੋਮਣੀ ਕਮੇਟੀ ਦੇ ਸਾਲ 2021-2022 ਦੇ ਬਜਟ ਸਬੰਧੀ ਮੀਟਿੰਗ ਹੋਈ

ਅੰਮ੍ਰਿਤਸਰ,- ਸ਼੍ਰੋਮਣੀ ਕਮੇਟੀ ਦੇ ਸਾਲ 2021-2022 ਦੇ ਬਜਟ ਸਬੰਧੀ ਅੱਜ ਇੱਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿੱਚ ਮੀਟਿੰਗ ਹੋਈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਗਠਿਤ ਕੀਤੀ ਬਜਟ ਕਮੇਟੀ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਆਉਂਦੇ ਗੁਰਦੁਆਰਿਆਂ ਦੇ ਮੈਨੇਜਰਾਂ ਨਾਲ ਵਿੱਤੀ ਮਾਮਲਿਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ।

ਇਸ ਮੀਟਿੰਗ ਵਿਚ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ, ਮੈਂਬਰ ਬੀਬੀ ਕਿਰਨਜੋਤ ਕੌਰ, ਬੀਬੀ ਪਰਮਜੀਤ ਕੌਰ ਲਾਂਡਰਾਂ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਸੁਖਮਿੰਦਰ ਸਿੰਘ, ਓਐੱਸਡੀ ਸਤਬੀਰ ਸਿੰਘ ਅਤੇ ਮੁੱਖ ਲੇਖਾਕਾਰ ਮਿਲਖਾ ਸਿੰਘ ਮੌਜੂਦ ਸਨ। ਐਡਵੋਕੇਟ ਹਰਜਿੰਦਰ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਆਉਣ ਵਾਲੇ ਬਜਟ ਇਜਲਾਸ ਸਬੰਧੀ ਗੁਰਦੁਆਰਿਆਂ ਦੇ ਖਰਚਿਆਂ ਅਤੇ ਆਮਦਨ ਬਾਰੇ ਵਿਚਾਰਿਆ ਗਿਆ ਹੈ। ਮੈਨੇਜਰਾਂ ਤੋਂ ਗੁਰਦੁਆਰਿਆਂ ਦੇ ਬਜਟ ਬਾਰੇ ਜਾਣਕਾਰੀ ਹਾਸਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਬਜਟ ਨੂੰ ਲੈ ਕੇ ਅਗਾਊਂ ਵਿਚਾਰ ਵਟਾਂਦਰੇ ਦਾ ਮੰਤਵ ਬਿਹਤਰ ਤਰਜੀਹਾਂ ਨਿਰਧਾਰਤ ਕਰਨਾ ਹੈ।

ਇਸ ਦੌਰਾਨ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਜਗੀਰ ਕੌਰ ਨਾਲ ਆਲ ਇੰਡੀਆ ਰਾਮਗੜ੍ਹੀਆ ਵਿਸ਼ਵਕਰਮਾ ਫੈਡਰੇਸ਼ਨ ਦੇ ਆਗੂਆਂ ਨੇ ਮੁਲਾਕਾਤ ਕਰ ਕੇ ਸ੍ਰੀ ਦਰਬਾਰ ਸਾਹਿਬ ਵਿਖੇ ਸਥਿਤ ਬੁੰਗਾ ਰਾਮਗੜ੍ਹੀਆ ਦੇ ਹੋਣ ਵਾਲੇ ਕਾਰਜਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ। ਫੈਡਰੇਸ਼ਨ ਦੇ ਨੁਮਾਇੰਦਿਆਂ ਨੇ ਬੀਬੀ ਜਗੀਰ ਕੌਰ ਨੂੰ ਸਨਮਾਨਿਤ ਕੀਤਾ। ਬੀਬੀ ਜਗੀਰ ਕੌਰ ਨੇ ਫੈਡਰੇਸ਼ਨ ਦੇ ਨੁਮਾਇੰਦਿਆਂ ਨੂੰ ਸ਼ਤਾਬਦੀ ਸਮਾਗਮਾਂ ਵਿੱਚ ਸ਼ਮੂਲੀਅਤ ਲਈ ਸੱਦਾ ਦਿੱਤਾ।

Show More

Related Articles

Leave a Reply

Your email address will not be published. Required fields are marked *

Close