PunjabSports

ਰਾਣਾ ਸੋਢੀ ਦਾ ਐਲਾਨ: ਸੋਨ ਤਮਗ਼ਾ ਲਿਆਉਣ ‘ਤੇ ਪੰਜਾਬ ਦੇ ਹਰ ਹਾਕੀ ਖਿਡਾਰੀ ਨੂੰ ਮਿਲਣਗੇ 2.25 ਕਰੋੜ ਰੁਪਏ

ਚੰਡੀਗੜ੍ਹ,- ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਇੱਥੇ ਐਲਾਨ ਕੀਤਾ ਕਿ ਟੋਕੀਉ ਉਲੰਪਿਕ ਵਿੱਚ ਹਿੱਸਾ ਲੈ ਰਹੀ ਭਾਰਤੀ ਹਾਕੀ ਟੀਮ ਵੱਲੋਂ ਸੋਨ ਤਮਗ਼ਾ ਜਿੱਤਣ ‘ਤੇ ਪੰਜਾਬ ਦੇ ਹਰ ਖਿਡਾਰੀ ਨੂੰ ਵਿਅਕਤੀਗਤ ਤੌਰ ‘ਤੇ 2.25 ਕਰੋੜ ਰੁਪਏ ਦੇ ਇਨਾਮ ਨਾਲ ਨਿਵਾਜਿਆ ਜਾਵੇਗਾ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੋਨ ਤਮਗ਼ਾ ਜਿੱਤਣ ‘ਤੇ ਦਿੱਤੀ ਜਾਂਦੀ 2.25 ਕਰੋੜ ਰੁਪਏ ਦੀ ਰਾਸ਼ੀ ਪੂਰੀ ਟੀਮ ਵਾਸਤੇ ਹੁੰਦੀ ਸੀ।
ਇੱਥੇ ਪੰਜਾਬ ਭਵਨ ਵਿਖੇ ਯੂਥ ਵਿਕਾਸ ਬੋਰਡ ਦੀ ਮੀਟਿੰਗ ਉਪਰੰਤ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਰਾਣਾ ਸੋਢੀ ਨੇ ਕਿਹਾ ਕਿ ਉਲੰਪਿਕ ਵਿੱਚ ਗਏ ਪੰਜਾਬ ਦੇ 20 ਖਿਡਾਰੀਆਂ ਵਿੱਚੋਂ ਭਾਰਤੀ ਹਾਕੀ ਟੀਮ ਵਿੱਚ 11 ਖਿਡਾਰੀ ਸ਼ਾਮਲ ਹਨ। ਹਾਕੀ ਟੀਮ ਦੇ ਸ਼ਾਨਦਾਰ ਪ੍ਰਦਰਸ਼ਨ ‘ਤੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ 3 ਤੋਂ 4 ਤਮਗ਼ੇ ਜਿੱਤਣ ਦੀ ਉਮੀਦ ਹੈ।
ਪੰਜਾਬ ਯੂਥ ਵਿਕਾਸ ਬੋਰਡ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਦਿਆਂ ਰਾਣਾ ਸੋਢੀ ਨੇ ਡਾਇਰੈਕਟਰ ਖੇਡਾਂ ਤੇ ਯੁਵਕ ਸੇਵਾਵਾਂ ਡੀ.ਪੀ.ਐਸ. ਖਰਬੰਦਾ ਨੂੰ ਨਿਰਦੇਸ਼ ਦਿੱਤੇ ਕਿ ਉਹ ਬੋਰਡ ਦੇ ਅਹੁਦੇਦਾਰਾਂ ਦਾ ਮਾਣ ਸਤਿਕਾਰ ਕਾਇਮ ਰੱਖਣ ਅਤੇ ਉਨ੍ਹਾਂ ਨੂੰ ਸਰਕਾਰੀ ਸਮਾਗਮਾਂ ਵਿੱਚ ਸੱਦਣ ਸਬੰਧੀ ਸਮੂਹ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕਰਨ ਅਤੇ ਬੋਰਡ ਅਹੁਦੇਦਾਰਾਂ ਨੂੰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀਆਂ ਵਿੱਚ ਸ਼ਾਮਲ ਕਰਨ ਲਈ ਛੇਤੀ ਤੋਂ ਛੇਤੀ ਕਾਰਵਾਈ ਕਰਨ। ਇਸ ਮੌਕੇ ਉਨ੍ਹਾਂ ਨਾਲ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਵੀ ਮੌਜੂਦ ਸਨ।
ਰਾਣ ਸੋਢੀ ਨੇ ਬੋਰਡ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਪਿੰਡਾਂ ਅਤੇ ਸ਼ਹਿਰਾਂ ਵਿੱਚ ਗ਼ੈਰ-ਕਾਰਜਸ਼ੀਲ ਯੂਥ ਕਲੱਬਾਂ ਨੂੰ ਸੁਰਜੀਤ ਕਰਨ ਦੀ ਜ਼ਿੰਮੇਵਾਰੀ ਵੀ ਸੌਂਪੀ। ਉਨ੍ਹਾਂ ਕਿਹਾ ਕਿ ਬੋਰਡ ਦੇ ਅਹੁਦੇਦਾਰ ਪਿੰਡਾਂ ਦੇ ਦੌਰੇ ਕਰਨ ਅਤੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਤਾਂ ਜੋ ਲੋਕਾਂ ਦੀਆਂ ਦੁੱਖ ਤਕਲੀਫ਼ਾਂ ਨੂੰ ਸਰਕਾਰ ਤੱਕ ਪਹੁੰਚਾ ਕੇ ਉਨ੍ਹਾਂ ਦਾ ਤੁਰੰਤ ਹੱਲ ਕੀਤਾ ਜਾ ਸਕੇ। ਮੰਤਰੀ ਨੇ ਕਿਹਾ ਕਿ ਅਗਲੇ ਮਹੀਨੇ ਹੋਣ ਵਾਲੀ ਸਮੀਖਿਆ ਮੀਟਿੰਗ ਵਿੱਚ ਸਮੂਹ ਅਹੁਦੇਦਾਰਾਂ ਦੀ ਇਸ ਸਬੰਧੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ ਜਾਵੇਗਾ।
ਰਾਣਾ ਸੋਢੀ ਨੇ ਵੱਖ-ਵੱਖ ਵਿਭਾਗਾਂ ਦੇ ਹੈਡਕੁਆਰਟਰ ‘ਤੇ ਤੈਨਾਤ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਨੌਜਵਾਨ ਸ਼ਕਤੀ ਨੂੰ ਇੱਕਜੁਟ ਕਰਨ ਅਤੇ ਚੈਨੇਲਾਈਜ਼ ਕਰਨ ਲਈ ਬਣਾਏ ਗਏ ਯੂਥ ਵਿਕਾਸ ਬੋਰਡ ਦੇ ਅਹੁਦੇਦਾਰਾਂ ਨੂੰ ਸਬੰਧਤ ਜ਼ਿਲ੍ਹਾ ਪੱਧਰੀ ਸਮਾਗਮਾਂ ਵਿੱਚ ਬਣਦਾ ਸਤਿਕਾਰ ਦਿੱਤਾ ਜਾਵੇ। ਇਸ ਮੌਕੇ ਕੈਬਨਿਟ ਮੰਤਰੀ ਨੇ ਬੋਰਡ ਨਾਲ ਸਬੰਧਤ ਕਈ ਹੋਰਨਾਂ ਮੁੱਦਿਆਂ ‘ਤੇ ਵੀ ਵਿਸਥਾਰਤ ਚਰਚਾ ਕੀਤੀ।

Show More

Related Articles

Leave a Reply

Your email address will not be published. Required fields are marked *

Close