Punjab

ਪੰਜਾਬ ਸਰਕਾਰ ਬੇਰੁਜ਼ਗਾਰ ਨੌਜਵਾਨਾਂ ਨੂੰ ਦੇਵੇਗੀ ਸਰਕਾਰੀ ਨੌਕਰੀਆਂ!

ਚੰਡੀਗੜ੍ਹ: ਸੂਬੇ ਵਿੱਚ ਇੱਕ ਲੱਖ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਟੀਚੇ ਵੱਲ ਕਦਮ ਵਧਾਉਂਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਅਤੇ ਯੋਗ ਉਮੀਦਵਾਰਾਂ ਨੂੰ ਰੋਜ਼ਗਾਰ ਦੇਣ ਲਈ ਜਲਦ ਹੀ ਇੱਕ ਹੋਰ ਵਿਸ਼ਾਲ ਭਰਤੀ ਮੁਹਿੰਮ ਵਿੱਢੀ ਜਾਵੇਗੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਸਾਰੇ ਪ੍ਰਸ਼ਾਸਕੀ ਵਿਭਾਗਾਂ ਨੂੰ ਸਿੱਧੇ ਕੋਟੇ ਦੀਆਂ ਖਾਲੀ ਪਈਆਂ ਅਸਾਮੀਆਂ ਸਬੰਧੀ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਨਾਲ ਤੁਰੰਤ ਜਾਣਕਾਰੀ ਸਾਂਝੀ ਕਰਨ ਦੀ ਹਦਾਇਤ ਕੀਤੀ ਤਾਂ ਜੋ ਸੂਬਾਈ ਰੋਜ਼ਗਾਰ ਯੋਜਨਾ ਦੇ ਦੂਜੇ ਪੜਾਅ ਨੂੰ ਸ਼ੁਰੂ ਕੀਤਾ ਜਾ ਸਕੇ। ਇੱਥੇ ਪ੍ਰਸ਼ਾਸਕੀ ਸਕੱਤਰਾਂ ਨਾਲ ਸੂਬਾਈ ਰੋਜ਼ਗਾਰ ਯੋਜਨਾ ਦੀ ਸਮੀਖਿਆ ਕਰਨ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ਼੍ਰੀਮਤੀ ਮਹਾਜਨ ਨੇ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਆਪਣੇ ਵਿਭਾਗਾਂ ਵਿੱਚ ਖਾਲੀ ਅਸਾਮੀਆਂ ਲਈ ਮੰਗ ਭੇਜਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਵੀ ਦਿੱਤੇ ਤਾਂ ਜੋ ਇਨ੍ਹਾਂ ਅਸਾਮੀਆਂ ‘ਤੇ ਜਲਦ ਤੋਂ ਜਲਦ ਭਰਤੀ ਕਰਕੇ ਲੋਕਾਂ ਨੂੰ ਨਿਰਵਿਘਨ ਅਤੇ ਮੁਸ਼ਕਲ ਰਹਿਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ। ਰੋਜ਼ਗਾਰ ਉਤਪਤੀ ਵਿਭਾਗ ਦੇ ਸਕੱਤਰ ਰਾਹੁਲ ਤਿਵਾੜੀ ਨੇ ਮੁੱਖ ਸਕੱਤਰ ਨੂੰ ਦੱਸਿਆ ਕਿ 34 ਪ੍ਰਸ਼ਾਸਕੀ ਵਿਭਾਗਾਂ ਨੇ ਪੰਜਾਬ ਸਰਕਾਰ ਦੀ ਭਰਤੀ ਯੋਜਨਾ ਦੇ ਦੂਜੇ ਪੜਾਅ ਲਈ 22,441 ਸਿੱਧੇ ਕੋਟੇ ਦੀਆਂ ਖਾਲੀ ਅਸਾਮੀਆਂ ਬਾਰੇ ਜਾਣਕਾਰੀ ਭੇਜ ਦਿੱਤੀ ਹੈ ਜੋ ਕਿ ਇਸ ਤੋਂ ਪਹਿਲਾਂ ਕੈਬਨਿਟ ਕਮੇਟੀ ਦੁਆਰਾ ਮਨਜ਼ੂਰ ਕੀਤੀਆਂ ਗਈਆਂ 61336 ਅਸਾਮੀਆਂ ਨਾਲੋਂ ਵੱਖਰੀਆਂ ਹਨ।

Show More

Related Articles

Leave a Reply

Your email address will not be published. Required fields are marked *

Close