National

ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਲਟਕਣ ਦਾ ਸਿੱਖਾਂ ‘ਚ ਗੁੱਸਾ

ਸ਼ਨੀਵਾਰ ਨੂੰ ਕੇਜਰੀਵਾਲ ਦੇ ਘਰ ਦੇ ਬਾਹਰ ਹੋਵੇਗਾ ਵਿਰੋਧ ਪ੍ਰਦਰਸ਼ਨ

ਨਵੀਂ ਦਿੱਲੀ _ ਦਿੱਲੀ ਸਰਕਾਰ ਦੇ ਸਜ਼ਾ ਸਮੀਖਿਆ ਬੋਰਡ ਵੱਲੋਂ ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਪੰਜਵੀਂ ਵਾਰ ਟਾਲਣ ਦੇ ਵਿਰੋਧ ਵਿੱਚ ਅੱਜ ਸਿਆਸੀ ਸਿੱਖ ਕੈਦੀ ਰਿਹਾਈ ਮੋਰਚਾ (ਦਿੱਲੀ) ਵੱਲੋਂ ਸ਼ਨੀਵਾਰ 5 ਮਾਰਚ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਕੋਠੀ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਰਿਹਾਈ ਮੋਰਚਾ ਦੇ ਅੰਤ੍ਰਿੰਗ ਬੋਰਡ ਮੈਂਬਰਾਂ ਡਾ: ਪਰਮਿੰਦਰ ਪਾਲ ਸਿੰਘ, ਅਵਤਾਰ ਸਿੰਘ ਕਾਲਕਾ, ਦਲਜੀਤ ਸਿੰਘ ਅਤੇ ਸੰਗਤ ਸਿੰਘ ਨੇ ਦੱਸਿਆ ਕਿ ਇਸ ਪ੍ਰਦਰਸ਼ਨ ਦੌਰਾਨ  ਕੇਜਰੀਵਾਲ ਵੱਲੋਂ ਲਿਖਿਤ ਪੁਸਤਕ ‘ਸਵਰਾਜ’ ਦੀ ਕਾਪੀ ਵੀ ਸਾੜੀ ਜਾਵੇਗੀ। ਕਿਉਂਕਿ ‘ਸਵਰਾਜ’ ਦੇ ਨਾਂ ‘ਤੇ ਲੋਕਾਂ ਦਾ ਰਾਜ ਸਥਾਪਤ ਕਰਨ ਦਾ ਐਲਾਨ ਕਰਕੇ ਸੱਤਾ ‘ਚ ਆਏ ਕੇਜਰੀਵਾਲ ਦਾ ਅੱਜ-ਕੱਲ੍ਹ ‘ਸਵਕਾਜ’ ਮਤਲਬ ਸਿਰਫ਼ ਆਪਣੇ ਕੰਮਾਂ ਨੂੰ ਹੀ ਪ੍ਰਮੁੱਖਤਾ ਦੇਣ ਦਾ ਕੰਮ ਚੱਲ ਰਿਹਾ ਹੈ। ਕੇਂਦਰ ਸਰਕਾਰ ਨੇ ਅਕਤੂਬਰ 2019 ਵਿੱਚ ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਮਨਜ਼ੂਰੀ ਦੇ ਦਿੱਤੀ ਸੀ ਅਤੇ ਆਲ ਇੰਡੀਆ ਐਂਟੀ ਟੈਰਰਿਸਟ ਫਰੰਟ ਦੇ ਚੇਅਰਮੈਨ ਮਨਿੰਦਰਜੀਤ ਸਿੰਘ ਬਿੱਟਾ ਵੱਲੋਂ ਸੁਪਰੀਮ ਕੋਰਟ ਵਿੱਚ ਰਿਹਾਈ ਨੂੰ ਰੋਕਣ ਲਈ ਦਾਇਰ ਪਟੀਸ਼ਨ ਦਾ ਵੀ 9 ਦਸੰਬਰ 2021 ਨੂੰ ਨਿਪਟਾਰਾ ਹੋ ਚੁੱਕਿਆ ਹੈ। ਪਰ ਸਜ਼ਾ ਸਮੀਖਿਆ ਬੋਰਡ ਨੇ ਕਾਨੂੰਨੀ ਵਿਵਸਥਾਵਾਂ ਨੂੰ ਛਿੱਕੇ ਟੰਗਦੇ ਹੋਏ ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਤਜਵੀਜ਼ ਨੂੰ 4 ਵਾਰ ਰੱਦ ਕਰ ਦਿੱਤਾ ਅਤੇ ਇੱਕ ਵਾਰ ਮੁਲਤਵੀ ਕਰ ਦਿੱਤਾ ਹੈ। ਇਸ ਲਈ ਸੱਤਾ ਦਾ ਇਹ ਡਿਜ਼ਾਇਨ ਕਿਸੇ ਵੀ ਤਰ੍ਹਾਂ ਸਿੱਖਾਂ ਦਾ ਸਵਰਾਜ ਨਹੀਂ ਕਿਹਾ ਜਾ ਸਕਦਾ ਕਿਉਂਕਿ ਕੇਜਰੀਵਾਲ ਦੇ ਰਾਜ ਵਿਚ ਸਿੱਖ ਭਾਵਨਾਵਾਂ ਹਾਸ਼ੀਏ ‘ਤੇ ਪਈਆਂ ਹਨ।
ਰਿਹਾਈ ਮੋਰਚਾ ਆਗੂਆਂ ਨੇ ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਦੇ ਬੇਟੇ ਦੇ ਵਿਆਹ ਸਮਾਗਮ ਵਿੱਚ ਕਾਲਕਾ ਦੀ ਬਿੱਟਾ ਨੂੰ ਜੱਫੀ ਪਾਉਣ ਦੀ ਫੋਟੋ ਦਿਖਾਉਂਦੇ ਹੋਏ ਕਿਹਾ ਕਿ ਦਿੱਲੀ ਕਮੇਟੀ ਦੱਸੇ ਕਿ ਉਹ ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੇ ਨਾਲ ਹੈ ਜਾਂ ਉਨ੍ਹਾਂ ਦੀ ਰਿਹਾਈ ਵਿੱਚ ਰੁਕਾਵਟ ਪਾਉਣ ਵਾਲੇ ਬਿੱਟਾ ਦੇ ਨਾਲ ? ਕਿਉਂਕਿ ਦਿੱਲੀ ਕਮੇਟੀ ਦੇ ਜਿੰਮੇਵਾਰ ਅਹੁਦੇ ‘ਤੇ ਬੈਠ ਕੇ ਸਿੱਖ ਕੈਦੀਆਂ ਵਿਰੁੱਧ ਇਤਰਾਜ਼ਯੋਗ ਗੱਲ ਕਰਨ ਵਾਲੇ ਵਿਅਕਤੀ ਨਾਲ ਕਾਲਕਾ ਦੀ ਜੱਫੀ ਸਿੱਖ ਭਾਵਨਾਵਾਂ ਦਾ ਅਪਮਾਨ ਹੈ। ਇਸ ਪ੍ਰਦਰਸ਼ਨ ਵਿੱਚ ਦਿੱਲੀ ਦੀਆਂ ਸਮੂਹ ਪੰਥਕ ਜਥੇਬੰਦੀਆਂ ਨੂੰ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕਰਦਿਆਂ ਰਿਹਾਈ ਮੋਰਚੇ ਆਗੂਆਂ ਨੇ ਕਿਹਾ ਕਿ ਇਹ ਸਿੱਖ ਕੌਮ ਦਾ ਕੰਮ ਹੈ, ਇਸ ਲਈ ਸਾਰਿਆਂ ਨੂੰ ਇੱਕਜੁੱਟ ਹੋ ਕੇ ਕੇਜਰੀਵਾਲ ਸਰਕਾਰ ਦੇ ਇਸ ਕਾਨੂੰਨ ਅਤੇ ਮਨੁੱਖੀ ਅਧਿਕਾਰ ਵਿਰੋਧੀ ਫੈਸਲੇ ਦਾ ਵਿਰੋਧ ਕਰਨਾ ਚਾਹੀਦਾ ਹੈ।

 

Show More

Related Articles

Leave a Reply

Your email address will not be published. Required fields are marked *

Close