Punjab

‘ਅਗਨੀਪਥ’ ਸਕੀਮ ਤੁਰੰਤ ਵਾਪਸ ਲਏ ਕੇਂਦਰ: ਮਾਨ

ਚੰਡੀਗੜ੍ਹ,- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਭਾਰਤੀ ਫ਼ੌਜ ਵਿੱਚ ਭਰਤੀ ਲਈ ਲਿਆਂਦੀ ‘ਅਗਨੀਪਥ’ ਸਕੀਮ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ। ਉਨ੍ਹਾਂ ਇਹ ਸਕੀਮ ਲਾਗੂ ਕਰਨ ਦੇ ਹਾਲੀਆ ਫ਼ੈਸਲੇ ਨੂੰ ਪਿਛਾਂਹ ਖਿੱਚੂ ਕਦਮ ਕਰਾਰ ਦਿੰਦਿਆਂ ਇਸ ਦੀ ਨਿੰਦਾ ਕੀਤੀ ਹੈ। ਮਾਨ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਨੂੰ ਦੇਸ਼ ਤੇ ਨੌਜਵਾਨਾਂ ਦੇ ਵਡੇਰੇ ਹਿੱਤਾਂ ਖਾਤਰ ਤੁਰੰਤ ਇਸ ਫੈਸਲੇ ਨੂੰ ਵਾਪਸ ਲੈਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ‘ਦੇਸ਼ ਦੀ ਕਿਸਾਨੀ ਤੋਂ ਬਾਅਦ ਹੁਣ ਦੇਸ਼ ਦੀ ਜਵਾਨੀ ਉਤੇ ਇਹ ਸਾਜ਼ਿਸ਼ ਭਰਿਆ ਗੰਭੀਰ ਹਮਲਾ ਕੀਤਾ ਹੈ, ਜਿਹੜਾ ਕਿ ਗ਼ੈਰ-ਵਾਜਬ ਅਤੇ ਨਾਜਾਇਜ਼ ਹੈ।’ ਉਨ੍ਹਾਂ ਕਿਹਾ ਕਿ ਇਸ ਯੋਜਨਾ ਨਾਲ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਲਈ ਹਮੇਸ਼ਾ ਤਿਆਰ ਰਹਿਣ ਵਾਲੇ ਪੰਜਾਬੀ ਨੌਜਵਾਨਾਂ ਦੇ ਹਿੱਤਾਂ ਨੂੰ ਵੀ ਵੱਡੀ ਸੱਟ ਵੱਜੇਗੀ। ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਇਸ ਫੈਸਲੇ ਵਿਚੋਂ ਮੁਲਕ ਦੀ ਮਾੜੀ ਹਾਲਤ ਦਾ ਝਲਕਾਰਾ ਮਿਲਦਾ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਲੋਕਾਂ ’ਚ ਉੱਠੇ ਰੋਹ ਨੇ ਸਾਬਿਤ ਕਰ ਦਿੱਤਾ ਹੈ ਕਿ ਹੁਕਮਰਾਨ ਪਾਰਟੀ ਬਿਨਾਂ ਨੌਜਵਾਨਾਂ ਤੇ ਲੋਕਾਂ ਦੀਆਂ ਭਾਵਨਾਵਾਂ ਦੀ ਪਰਵਾਹ ਕੀਤਿਆਂ ਦੇਸ਼ ਨੂੰ ਚਲਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਨਾਸਮਝੀ ਭਰੇ ਫ਼ੈਸਲੇ ਨੇ ਮੁਲਕ ਨੂੰ ਬਲਦੀ ਅੱਗ ਵਿਚ ਧੱਕ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦਾ ਨੌਜਵਾਨ ਕੇਂਦਰ ਦੇ ਇਸ ਫ਼ੈਸਲੇ ਖ਼ਿਲਾਫ਼ ਸੜਕਾਂ ’ਤੇ ਆ ਗਿਆ ਹੈ। ਇਸ ਫ਼ੈਸਲੇ ਨੂੰ ਗੈਰ-ਜ਼ਿੰਮੇਵਾਰਾਨਾ ਕਰਾਰ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਇਸ ਦੀ ਜ਼ੋਰਦਾਰ ਖ਼ਿਲਾਫ਼ਤ ਕਰਦੀ ਹੈ। ਇਹ ਫ਼ੈਸਲਾ ਨੌਜਵਾਨਾਂ ਨੂੰ ਉਮਰ ਭਰ ਦੇਸ਼ ਦੀ ਸੇਵਾ ਦੇ ਮੌਕੇ ਤੋਂ ਵਾਂਝਾ ਕਰ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਕੇਂਦਰ ਸਰਕਾਰ ਨੇ ਪਿਛਲੇ ਦੋ ਸਾਲਾਂ ਦੌਰਾਨ ਇਕ ਵੀ ਨੌਜਵਾਨ ਨੂੰ ਫ਼ੌਜ ਵਿੱਚ ਨੌਕਰੀ ਨਹੀਂ ਦਿੱਤੀ ਤੇ ਹੁਣ ‘ਅਗਨੀਪਥ’ ਸਕੀਮ ਰਾਹੀਂ ਕੇਂਦਰ ਸਰਕਾਰ ਨੌਜਵਾਨਾਂ ਨੂੰ ਸਿਰਫ਼ ਚਾਰ ਸਾਲਾਂ ਲਈ ਫੌਜ ਵਿੱਚ ਸੇਵਾ ਕਰਨ ਦੀ ਇਜਾਜ਼ਤ ਦੇ ਰਹੀ ਹੈ, ਉਹ ਵੀ ਪੈਨਸ਼ਨ ਤੋਂ ਬਗੈਰ। ਭਗਵੰਤ ਮਾਨ ਨੇ ਕਿਹਾ ਕਿ ਇਹ ਸਕੀਮ ਦੁਨੀਆ ਭਰ ਵਿਚ ਮਿਸਾਲ ਬਣਨ ਵਾਲੀ ਭਾਰਤੀ ਸੈਨਾ ਦਾ ਨਿਰਾਦਰ ਹੈ।

Show More

Related Articles

Leave a Reply

Your email address will not be published. Required fields are marked *

Close