Punjab

ਅਗਨੀਪਥ ਸਕੀਮ ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਪੰਜਾਬ ਭਰ ‘ਚ ਰੋਸ ਪ੍ਰਦਰਸ਼ਨ

ਚੰਡੀਗੜ੍ਹ,- ਸੰਯੁਕਤ ਕਿਸਾਨ ਮੋਰਚੇ ਵਲੋਂ ਅਗਨੀਪਥ ਸਕੀਮ ਨੂੰ ਵਾਪਸ ਲੈਣ ਦੀ ਮੰਗ ਨੂੰ ਲੈਕੇ ਅੱਜ ਸੂਬੇ ਵਿਚ ਵੱਖ-ਵੱਖ ਜ਼ਿਲ੍ਹਾ ਅਤੇ ਤਹਿਸ਼ੀਲ ਹੈੱਡਕੁਆਰਟਰਾਂ ਉੱਪਰ ਰੋਸ ਪ੍ਰਦਰਸ਼ਨ ਕਰਕੇ ਦੇਸ਼ ਦੇ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਦਿੱਤੇ ਗਏ। ਪੰਜਾਬ ਦੇ ਲਗਭਗ ਸਾਰੇ ਜ਼ਿਲ੍ਹਿਆਂ ਵਿੱਚ ਝੋਨੇ ਦੀ ਲਵਾਈ ਦਾ ਜੋਰ ਹੋਣ ਦੇ ਬਾਵਜੂਦ 22 ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿੱਚ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਦੇਸ਼ ਦੇ ਨੌਜਵਾਨਾਂ ਦੇ ਫੁੱਟੇ ਰੋਹ ਨਾਲ ਇੱਕਮੁੱਠਤਾ ਦਾ ਪ੍ਰਗਟਾਵਾ ਕੀਤਾ।
ਪੰਜਾਬ ਵਿੱਚ ਵੱਖ-ਵੱਖ ਥਾਵਾਂ ਤੇ ਹੋਏ ਪ੍ਰਦਰਸ਼ਨਾਂ ਦੀ ਅਗਵਾਈ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ, ਬੀਕੇਯੂ-ਕਾਦੀਆਂ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ, ਜਮਹੂਰੀ ਕਿਸਾਨ ਸਭਾ ਦੇ ਪ੍ਰਧਾਨ ਸਤਨਾਮ ਸਿੰਘ ਅਜਨਾਲਾ, ਕਿਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਕੁੱਲ ਹਿੰਦ ਕਿਸਾਨ ਸਭਾ ਦੇ ਜਨਰਲ ਸਕੱਤਰ ਬਲਦੇਵ ਸਿੰਘ ਨਿਹਾਲਗੜ੍ਹ, ਪੰਜਾਬ ਕਿਸਾਨ ਯੂਨੀਅਨ ਦੇ ਪ੍ਰਧਾਨ ਰੁਲਦੂ ਸਿੰਘ ਮਾਨਸਾ, ਬੀਕੇਯੂ-ਦੋਆਬਾ ਦੇ ਪ੍ਰਧਾਨ ਮਨਜੀਤ ਸਿੰਘ ਰਾਏ, ਮਾਝਾ ਕਿਸਾਨ ਸੰਘਰਸ਼ ਕਮੇਟੀ ਦੇ ਬਲਵਿੰਦਰ ਸਿੰਘ ਔਲਖ਼, ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਦੇ ਸਤਨਾਮ ਸਿੰਘ ਬਹਿਰੂ, ਭਾਰਤੀ ਕਿਸਾਨ ਮੰਚ ਦੇ ਬੂਟਾ ਸਿੰਘ ਸ਼ਾਦੀਪੁਰ, ਦੋਆਬਾ ਕਿਸਾਨ ਕਮੇਟੀ ਦੇ ਜੰਗਬੀਰ ਚੌਹਾਨ, ਦੋਆਬਾ ਕਿਸਾਨ ਸੰਘਰਸ਼ ਕਮੇਟੀ ਦੇ ਮੁਕੇਸ਼ ਚੰਦਰ, ਕਿਸਾਨ ਬਚਾਓ ਮੋਰਚਾ ਦੇ ਕਿਰਪਾ ਸਿੰਘ, ਕੁੱਲ ਹਿੰਦ ਕਿਸਾਨ ਫੈਡਰੇਸ਼ਨ ਦੇ ਕਿਰਨਜੀਤ ਸਿੰਘ ਸੇਖ਼ੋਂ, ਦੋਆਬਾ ਕਿਸਾਨ ਯੂਨੀਅਨ ਦੇ ਕੁਲਦੀਪ ਸਿੰਘ ਵਜ਼ੀਦਪੁਰ, ਬੀਕੇਯੂ-ਪੰਜਾਬ ਦੇ ਫੁਰਮਾਨ ਸਿੰਘ ਸੰਧੂ, ਬਿੰਦਰ ਸਿੰਘ ਗੋਲੇਵਾਲਾ (ਕੌਮੀ ਕਿਸਾਨ ਯੂਨੀਅਨ), ਹਰਜੀਤ ਸਿੰਘ ਰਵੀ (ਕਿਸਾਨ ਸੰਘਰਸ਼ ਕਮੇਟੀ, ਪੰਜਾਬ), ਮਲੂਕ ਸਿੰਘ (ਭਾਰਤੀ ਕਿਸਾਨ ਯੂਨੀਅਨ, ਮਾਲਵਾ), ਵੀਰ ਸਿੰਘ ਬੜਵਾ (ਕਿਰਤੀ ਕਿਸਾਨ ਮੋਰਚਾ, ਰੋਪੜ), ਭੁਪਿੰਦਰ ਸਿੰਘ ਤੀਰਥਪੁਰ (ਸਬਜੀ ਉਤਪਾਦਕ ਕਿਸਾਨ ਸੰਗਠਨ) ਅਤੇ ਕੁਲਜਿੰਦਰ ਸਿੰਘ ਘੁੰਮਣ (ਕੰਢੀ ਕਿਰਸਾਨ ਸੰਘਰਸ਼ ਕਮੇਟੀ) ਨੇ ਕੀਤੀ।
ਪ੍ਰੈੱਸ ਦੇ ਨਾਂ ਬਿਆਨ ਜਾਰੀ ਕਰਦਿਆਂ ਕਿਸਾਨ ਆਗੂਆਂ ਜਗਮੋਹਣ ਸਿੰਘ ਅਤੇ ਰਾਮਿੰਦਰ ਸਿੰਘ ਪਟਿਆਲਾ ਨੇ ਕਿਹਾ ਕਿ ਮੋਦੀ ਸਰਕਾਰ ਅਗਨੀਪਥ ਸਕੀਮ ਰਾਹੀਂ ਜਿੱਥੇ ਇਕ ਪਾਸੇ ਫੌਜ ਦੇ ਵਿੱਚ ਠੇਕਾ ਭਰਤੀ ਦਾ ਰਸਤਾ ਬਣਾ ਰਹੀ ਹੈ, ਉਥੇ ਨਾਲ-ਨਾਲ ਇਸ ਕੋਰ ਖੇਤਰ ਵਿਚ ਕਾਰਪੋਰੇਟ ਦੇ ਨਿਵੇਸ਼ ਅਤੇ ਲੁੱਟ ਦਾ ਰਾਹ ਵੀ ਮੋਕਲਾ ਕਰਨ ਦੀ ਨੀਤੀ ਲਾਗੂ ਕਰ ਰਹੀ ਹੈ।
ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਦੀ ਇਸ ਨੀਤੀ ਨੂੰ ਸੰਘ ਪਰਿਵਾਰ ਦੇ ਹਿੰਦੂਤਵੀ ਫਾਸ਼ੀਵਾਦ ਦੇ ਅਜੰਡੇ ਦਾ ਹਿੱਸਾ ਦੱਸਦਿਆਂ ਕਿਹਾ ਕਿ ਬੁਲਡੋਜ਼ਰ ਰੂਪੀ ਜਬਰ ਦੇ ਪ੍ਰਤੀਕ ਨੂੰ ਦੇਸ਼ ਦੇ ਲੋਕਾਂ ਦੇ ਜੱਥੇਬੰਦਕ ਸੰਘਰਸ਼ਾਂ ਵਿਰੁੱਧ ਵਰਤਣ ਲਈ ਹਥਿਆਰਬੰਦ ਵਲੰਟੀਅਰ ਤਿਆਰ ਕਰਕੇ ਕਿਸਾਨਾਂ, ਮਜ਼ਦੂਰਾਂ, ਘੱਟ ਗਿਣਤੀਆਂ, ਅਗਾਂਹਵਧੂ ਸੋਚ ਦੇ ਜਮਹੂਰੀ ਬੁੱਧੀਜੀਵੀਆਂ ਅਤੇ ਆਪਣੇ ਸਿਆਸੀ ਵਿਰੋਧੀਆਂ ਨੂੰ ਕੁਚਲੇ ਜਾਣ ਦੇ ਮਨਸੂਬੇ ਪਾਲੇ ਜਾਂ ਰਹੇ ਹਨ।
Show More

Related Articles

Leave a Reply

Your email address will not be published. Required fields are marked *

Close