Punjab

ਭਾਖੜਾ ਬਿਆਸ ਮਨੇਜਮੈਂਟ ਬੋਰਡ ਵਿੱਚੋਂ ਪੰਜਾਬ ਦੀ ਨੁਮਾਇੰਦਗੀ ਖਾਰਜ ਕਰਨਾ ਪੰਜਾਬ ਦੇ ਹੱਕਾਂ ‘ਤੇ ਡਾਕਾ ਕਰਾਰ

ਕੇਂਦਰੀ ਹਕੂਮਤ ਦੀ ਨਵੀਂ ਸਾਜਿਸ਼ ਦਾ ਜਵਾਬ ਇੱਕ ਜੁੱਟ ਸੰਘਰਸ਼ ਨਾਲ ਦੇਵਾਂਗੇ: ਭਾਕਿਯੂ ਏਕਤਾ ਡਕੌਂਦਾ
7 ਮਾਰਚ ਜਿਲ੍ਹਾ/ਤਹਿਸੀਲ ਪੱਧਰ ਤੇ ਰੋਸ ਮੁਜ਼ਾਹਰੇ ਕਰਨ ਦਾ ਐਲਾਨ
ਦਲਜੀਤ ਕੌਰ ਭਵਾਨੀਗੜ੍ਹ
ਚੰਡੀਗੜ੍ਹ, – ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਲੰਘਿਆਂ ਨੂੰ ਹਫਤਾ ਵੀ ਨਹੀਂ ਹੋਇਆ ਕਿ ਪੰਜਾਬ ਦੇ ਹੱਕਾਂ ਉੱਤੇ ਕੇਂਦਰੀ ਹਕੂਮਤ ਦੇ ਡਾਕੇ ਫਿਰ ਸ਼ੁਰੂ ਹੋ ਗਏ ਹਨ। ਇਸ ਵਾਰ ਹਮਲਾ ਫਿਰ ਪੰਜਾਬ ਦੇ ਪਾਣੀਆਂ ਉੱਤੇ ਹੋਇਆ ਹੈ। ਭਾਰਤ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਰੂਲਜ, 1974 ਵਿੱਚ ਬਦਲਾਅ ਕਰਕੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਵਿੱਚ ਪੰਜਾਬ ਦੀ ਪੱਕੀ ਮੈਂਬਰਸ਼ਿਪ ਬੰਦ ਕਰ ਦਿੱਤੀ ਹੈ। ਇਸ ਤਰ੍ਹਾਂ ਪੰਜਾਬ ਨੂੰ ਪਾਣੀ ਦੇ ਪ੍ਰਬੰਧ ਵਿੱਚੋਂ ਬਾਹਰ ਕੱਢ ਕੇ ਕੇਂਦਰ ਸਰਕਾਰ ਦੀ ਝਾਕ ਪੰਜਾਬ ਦੇ ਪਾਣੀ ਖੋਹਣ ‘ਤੇ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਨੂੰ ਪਹਿਲਾਂ ਹੀ ਪਾਣੀ ਪੂਰਾ ਨਹੀਂ ਮਿਲ ਰਿਹਾ, ਪੰਜਾਬ ਦੇ ਬਣਦੇ ਕੁੱਲ ਪਾਣੀ ਦਾ ਚੌਥਾ ਹਿੱਸਾ ਹੀ ਮਿਲਦਾ ਹੈ। ਪੰਜਾਬ ਨਾਲ ਇਹ ਵਿਤਕਰਾ ਪੰਜਾਬ ਦੀ ਮੁੜ ਵੰਡ ਤੋਂ ਹੀ ਜਾਰੀ ਹੈ ਅਤੇ ਇਸ ਧੱਕੇ ਦੇ ਉਲਟ ਪੰਜਾਬ ਦੇ ਲੋਕ ਲੰਮੇ ਸਮੇਂ ਤੋਂ ਲੜ ਰਹੇ ਹਨ।
ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ, ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ, ਸੀਨੀਅਰ ਮੀਤ ਪ੍ਰਧਾਨ ਮਨਜੀਤ ਧਨੇਰ ਨੇ ਕੇਂਦਰ ਹਕੂਮਤ ਦੇ ਇਸ ਫੈਸਲੇ ਨੂੰ ਫੈਡਰਿਲਜ਼ਮ ਵਿਰੋਧੀ ਕਰਾਰ ਦਿੰਦਿਆਂ ਕਿਹਾ ਕਿ ਪਹਿਲਾਂ ਹਕੂਮਤ ਨੇ 5 ਜੂਨ 2020 ਨੂੰ ਤਿੰਨ ਖੇਤੀ ਵਿਰੋਧੀ ਕਾਨੂੰਨਾਂ ਰਾਹੀਂ ਰਾਜਾਂ ਦੇ ਸੰਘੀ ਢਾਂਚੇ ਉੁੱਪਰ ਹਮਲਾ ਬੋਲਿਆ ਸੀ। ਖੇਤੀ ਨਿਰੋਲ ਰਾਜਾਂ ਦਾ ਵਿਸ਼ਾ ਹੈ। ਤਾਜ਼ਾ ਫੈਸਲੇ ਦਾ ਵਿਰੋਧ ਕਰਦੇ ਹਾਂ ਅਤੇ ਸਭ ਲੋਕਾਂ ਅਤੇ ਜਥੇਬੰਦੀਆਂ ਨੂੰ ਅਪੀਲ ਕਰਦੇ ਹਾਂ ਕਿ ਪੰਜਾਬ ਦੇ ਪਾਣੀਆਂ ਦੇ ਹਮਲੇ ਵਿਰੁੱਧ ਸੰਘਰਸ਼ ਲਾਮਬੰਦ ਕੀਤਾ ਜਾਵੇ।
ਆਗੂਆਂ ਨੇ ਕਿਹਾ ਕਿ ਭਾਖੜਾ ਬਿਆਸ ਮਨੇਜਮੈਂਟ ਬੋਰਡ ਵਿੱਚੋਂ ਪੰਜਾਬ ਦੀ ਨੁਮਾਇੰਦਗੀ ਖਾਰਜ ਕਰਨਾ ਵੀ ਕੇਂਦਰੀ ਹਕੂਮਤ ਦਾ ਉਸੇ ਦਿਸ਼ਾ ਵਿੱਚ ਪੁੱਟਿਆ ਕਦਮ ਹੈ, ਜਦ ਕਿ 1966 ਦੇ ਪੰਜਾਬੀ ਸੂਬਾ ਹੋਂਦ ਵਿੱਚ ਆਉਣ ਸਮੇਂ ਤੋਂ ਬੀਬੀਐਮਬੀ ਵਿੱਚ ਨੁਮਾਇੰਦਗੀ, ਪਾਣੀ ਅਤੇ ਬਿਜਲੀ ਸਬੰਧੀ ਹਿੱਸਾ ਤਹਿ ਹੋਇਆ ਹੈ। ਉਨ੍ਹਾਂ ਕਿਹਾ ਕਿ ਹੁਣ ਵੀ ਸਾਡਾ ਫਰਜ਼ ਬਣਦਾ ਹੈ ਕਿ ਕੇਂਦਰ ਸਰਕਾਰ ਦੇ ਇਸ ਕਦਮ ਦੇ ਖਿਲਾਫ਼ ਸਾਂਝਾ ਜਥੇਬੰਦਕ ਸੰਘਰਸ਼ ਵਿੱਢਿਆ ਜਾਵੇ। ਜਿਸ ਵਿੱਚ ਸਾਰੀਆਂ ਪੰਜਾਬ ਪੱਖੀ ਧਿਰਾਂ ਨੂੰ ਇਕੱਠੇ ਹੋਣ ਦੀ ਲੋੜ ਹੈ।
ਆਗੂਆਂ ਕਿਹਾ ਕਿ ਇੱਕ ਪਾਸੇ ਪੰਜਾਬ ਦੀ ਧਰਤੀ ਬੰਜਰ ਹੋ ਰਹੀ ਹੈ। ਪੰਜਾਬ ਦੇ ਵੱਡੇ ਹਿੱਸੇ ਵਿੱਚ ਪਾਣੀ ਦਾ ਪੱਧਰ ਖਤਰਨਾਕ ਹੱਦ ਤੱਕ ਨੀਵਾਂ ਚਲਾ ਗਿਆ ਹੈ। ਪੰਜਾਬ ਦੇ 117 ਬਲਾਕਾਂ ਵਿੱਚੋਂ 109 ਬਲਾਕ ਡਾਰਕ ਜੋਨ ਬਣ ਗਏ ਹਨ। ਦੂਜੇ ਪਾਸੇ ਪੰਜਾਬ ਦੇ ਪਾਣੀਆਂ ਨੂੰ ਰਾਜਸਥਾਨ ਅਤੇ ਦਿੱਲੀ ਨੂੰ ਮੁਫ਼ਤ ਵਿੱਚ ਲੁਟਾਇਆ ਜਾ ਰਿਹਾ ਹੈ।
ਆਗੂਆਂ ਮੰਗ ਕੀਤੀ ਕਿ ਦਰਿਆਈ ਪਾਣੀਆਂ ਵਿੱਚੋਂ ਪੰਜਾਬ ਦਾ ਹਿੱਸਾ ਵਧਾਕੇ ਇਸ ਸੰਕਟ ਦਾ ਪੱਕਾ ਹੱਲ ਕੀਤਾ ਜਾਵੇ। ਪੰਜਾਬ ਦਾ ਬੀਬੀਐਮਬੀ ਵਿੱਚੋਂ ਨੁਮਾਇੰਦਗੀ ਖਤਮ ਕਰਨ ਨਾਲ ਰਾਜਾਂ ਦਾ ਪਾਣੀਆਂ ਸਮੇਤ ਹੈੱਡ ਵਰਕਸਾਂ ਉੱਪਰ ਕੰਟਰੋਲ ਦੇ ਅਧਿਕਾਰ ਖਤਮ ਹੋ ਜਾਣਗੇ।
ਕਿਸਾਨ ਆਗੂਆਂ ਨੇ ਦੱਸਿਆ ਕਿ ਕੇਂਦਰੀ ਹਕੂਮਤ ਦੀ ਇਸ ਧੱਕੇਸ਼ਾਹੀ ਖਿਲਾਫ਼ 7 ਮਾਰਚ ਨੂੰ ਸੰਯੁਕਤ ਕਿਸਾਨ ਮੋਰਚਾ ਵੱਲੋਂ ਪੰਜਾਬ ਦੇ ਸਾਰੇ ਜਿਲ੍ਹਾ/ਤਹਿਸੀਲ ਕੇਂਦਰਾਂ ਤੇ ਵਿਸ਼ਾਲ ਮੁਜ਼ਾਹਰੇ ਕਰਕੇ ਸੰਘਰਸ਼ ਸ਼ੁਰੂ ਕੀਤਾ ਜਾ ਰਿਹਾ ਹੈ। ਭਾਕਿਯੂ ਏਕਤਾ ਡਕੌਂਦਾ ਇਸ ਸੰਘਰਸ਼ ਵਿੱਚ ਵਧ ਚੜ੍ਹਕੇ ਹਿੱਸਾ ਲਵੇਗੀ। 1 ਮਾਰਚ ਨੂੰ ਭਾਕਿਯੂ ਏਕਤਾ ਡਕੌਂਦਾ ਦੀ ਬਰਨਾਲਾ ਵਿਖੇ ਹੋਣ ਵਾਲੀ ਸੂਬਾਈ ਮੀਟਿੰਗ ਵਿੱਚ ਵਿਸਥਾਰ ਵਿੱਚ ਵਿਚਾਰ ਕਰਕੇ ਕੇਂਦਰੀ ਹਕੂਮਤ ਦੇ ਹੱਲੇ ਦਾ ਲੰਬੇ ਦਾਅ ਤੋਂ ਜਵਾਬ ਦੇਣ ਲਈ ਠੋਸ ਸੰਘਰਸ਼ ਦੀ ਵਿਉਂਤ ਬੰਦੀ ਕੀਤੀ ਜਾਵੇਗੀ।
ਆਗੂਆਂ ਗੁਰਦੀਪ ਰਾਮਪੁਰਾ, ਗੁਰਮੀਤ ਭੱਟੀਵਾਲ, ਬਲਵੰਤ ਉੱਪਲੀ, ਰਾਮ ਸਿੰਘ ਮਟੋਰੜਾ ਅਤੇ ਕੁਲਵੰਤ ਸਿੰਘ ਕਿਸ਼ਨਗੜ੍ਹ ਨੇ ਸਾਰੇ ਜਿਲ੍ਹਿਆਂ ਦੇ ਪ੍ਰਧਾਨ/ਸਕੱਤਰ ਨੂੰ ਸੰਘਰਸ਼ ਸੱਦੇ ਨੂੰ ਲਾਗੂ ਕਰਨ ਲਈ ਤਨਦੇਹੀ ਨਾਲ ਜੁੱਟ ਜਾਣ ਦਾ ਸੱਦਾ ਦਿੱਤਾ ਹੈ।

 

Show More

Related Articles

Leave a Reply

Your email address will not be published. Required fields are marked *

Close