Punjab
‘ਆਪ’ ਵੱਲੋਂ ਨਵੇਂ ਸੰਸਦ ਭਵਨ ਦੇ ਉਦਘਾਟਨੀ ਸਮਾਗਮ ਦਾ ਬਾਈਕਾਟ

ਚੰਡੀਗੜ੍ਹ-ਦੇਸ਼ ਦੇ ਸੰਸਦ ਭਵਨ ਦੀ ਨਵੀਂ ਇਮਾਰਤ ਦੇ ਉਦਘਾਟਨੀ ਸਮਾਗਮ ਵਿੱਚ ਰਾਸ਼ਟਰਪਤੀ ਨੂੰ ਸੱਦਾ ਨਾ ਦਿੱਤੇ ਜਾਣ ’ਤੇ ਆਮ ਆਦਮੀ ਪਾਰਟੀ (ਆਪ) ਨੇ ਸਮਾਗਮ ਵਿੱਚ ਸ਼ਾਮਲ ਨਾ ਹੋਣ ਦਾ ਐਲਾਨ ਕਰ ਦਿੱਤਾ ਹੈ। ਇਸ ਬਾਰੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਐੱਨਡੀਏ ਸਰਕਾਰ ਨੇ ਰਾਸ਼ਟਰਪਤੀ ਦੇ ਅਹੁਦੇ ਨੂੰ ਢਾਹ ਲਗਾਈ ਹੈ। ਇਸ ਲਈ ਉਹ 28 ਮਈ ਨੂੰ ਹੋਣ ਵਾਲੇ ਸਮਾਗਮ ਵਿੱਚ ਸ਼ਾਮਲ ਨਹੀਂ ਹੋਣਗੇ।
ਮਾਨ ਨੇ ਕਿਹਾ ਕਿ ਜਦੋਂ ਵੀ ਸੰਸਦ ਦਾ ਨਵਾਂ ਇਜਲਾਸ ਬੁਲਾਇਆ ਜਾਂਦਾ ਹੈ ਤਾਂ ਦੇਸ਼ ਦੇ ਰਾਸ਼ਟਰਪਤੀ ਵੱਲੋਂ ਹਰ ਸੰਸਦ ਮੈਂਬਰ ਨੂੰ ਸੈਸ਼ਨ ’ਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਜਾਂਦਾ ਹੈ ਪਰ ਇਹ ਦੁੱਖ ਦੀ ਗੱਲ ਹੈ ਕਿ ਸੰਸਦ ਦੀ ਨਵੀਂ ਇਮਾਰਤ ਦੇ ਉਦਘਾਟਨ ਮੌਕੇ ਹੋਣ ਵਾਲੇ ਸਮਾਗਮ ’ਚ ਸਰਕਾਰ ਦੇ ਸੰਵਿਧਾਨਕ ਮੁਖੀ ਨੂੰ ਸੱਦਾ ਤੱਕ ਵੀ ਨਹੀਂ ਦਿੱਤਾ ਗਿਆ। ਮੁੱਖ ਮੰਤਰੀ ਨੇ ਕਿਹਾ, “ਮੇਰੀ ਜ਼ਮੀਰ ਮੈਨੂੰ ਅਜਿਹੇ ਕਿਸੇ ਵੀ ਸਮਾਗਮ ’ਚ ਸ਼ਾਮਲ ਹੋਣ ਦੀ ਇਜਾਜ਼ਤ ਨਹੀਂ ਦਿੰਦੀ ਜਿੱਥੇ ਸੱਤਾ ਦੀ ਭੁੱਖੀ ਸਰਕਾਰ ਨੇ ਦੇਸ਼ ਦੇ ਸੰਵਿਧਾਨਕ ਮੁਖੀ ਨੂੰ ਸੱਦਾ ਦੇਣ ਦੀ ਵੀ ਖੇਚਲ ਨਾ ਕੀਤੀ ਹੋਵੇ।” ਜ਼ਿਕਰਯੋਗ ਹੈ ਕਿ ਬੀਤੇ ਦਿਨ ਦੇਸ਼ ਦੀਆਂ ਵਿਰੋਧੀ ਪਾਰਟੀਆਂ ਨੇ ਸੰਸਦ ਭਵਨ ਦੀ ਨਵੀਂ ਇਮਾਰਤ ਦਾ ਉਦਘਾਟਨ ਪ੍ਰਧਾਨ ਮੰਤਰੀ ਦੀ ਥਾਂ ਦੇਸ਼ ਦੇ ਰਾਸ਼ਟਰਪਤੀ ਤੋਂ ਕਰਵਾਉਣ ਦੀ ਮੰਗ ਕਰਦਿਆਂ 28 ਮਈ ਦੇ ਉਦਘਾਟਨੀ ਸਮਾਗਮ ਦਾ ਬਾਈਕਾਟ ਕਰਨ ਦਾ ਫ਼ੈਸਲਾ ਕੀਤਾ ਸੀ।