Punjab

ਕਿਸਾਨਾਂ ਦੇ ਵਿਰੋਧ ਦੇ ਬਾਵਜੂਦ ਕੇਂਦਰੀ ਮੰਤਰੀ ਨੇ ਮੋਦੀ ਸਰਕਾਰ ਨੂੰ ਦੱਸਿਆ ਕਿਸਾਨ ਪੱਖੀ

ਜਲੰਧਰ- ਕੇਂਦਰੀ ਸੂਚਨਾ ਤੇ ਪ੍ਰਸਾਰਣ ਅਤੇ ਖੇਡ ਮੰਤਰੀ ਅਨੁਰਾਗ ਸਿੰਘ ਠਾਕੁਰ ਨੇ ਦਾਅਵਾ ਕੀਤਾ ਹੈ ਕਿ ਦੇਸ਼ ਦੀ ਮੋਦੀ ਸਰਕਾਰ ਨੇ 10 ਸਾਲਾਂ ਦੇ ਕਾਰਜਕਾਲ ਵਿੱਚ ਜੋ ਕਿਸਾਨਾਂ ਲਈ ਕੀਤਾ ਹੈ ਉਹ ਪਿਛਲੀਆਂ ਸਰਕਾਰਾਂ 75 ਸਾਲਾਂ ਵਿੱਚ ਨਹੀਂ ਕਰ ਸਕੀਆਂ। ਉਨ੍ਹਾਂ ਇੱਥੇ ਭਾਜਪਾ ਦੇ ਚੋਣ ਦਫ਼ਤਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨ ਨਿਧੀ ਰਾਹੀਂ ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਪੈਸੇ ਪਾਏ ਜਾ ਰਹੇ ਹਨ। ਖਾਦਾਂ ਦੀ ਕਾਲਾ ਬਾਜ਼ਾਰੀ ’ਤੇ ਰੋਕ ਲਾਈ ਗਈ ਹੈ। ਕੇਂਦਰੀ ਮੰਤਰੀ ਅਨੁਰਾਗ ਠਾਕੁਰ ਦਾ ਇਹ ਬਿਆਨ ਉਦੋਂ ਆਇਆ ਹੈ ਜਦੋਂ ਕਿਸਾਨ ਜੱਥੇਬੰਦੀਆਂ ਪੰਜਾਬ ਤੇ ਹਰਿਆਣਾ ਵਿੱਚ ਭਾਜਪਾ ਉਮੀਦਵਾਰਾਂ ਨੂੰ ਘੇਰ ਰਹੀਆਂ ਹਨ। ਕਿਸਾਨ ਜੱਥੇਬੰਦੀਆਂ ਭਾਜਪਾ ਉਮੀਦਵਾਰਾਂ ਨੂੰ ਜਿੱਥੇ ਤਿੱਖੇ ਸਵਾਲ ਕਰ ਰਹੀਆਂ ਹਨ ਉਥੇ ਕਈ ਥਾਈਂ ਦੋਹਾਂ ਧਿਰਾਂ ਵਿੱਚ ਟਕਰਾਅ ਵੀ ਦੇਖਣ ਨੂੰ ਮਿਲ ਰਿਹਾ ਹੈ। ਜਦੋਂ ਕਿਸਾਨ ਗੁੱਸੇ ਵਿੱਚ ਹਨ ਤਾਂ ਕੇਂਦਰੀ ਖੇਡ ਮੰਤਰੀ ਮੋਦੀ ਸਰਕਾਰ ਨੂੰ ਕਿਸਾਨ ਪੱਖੀ ਦੱਸਣ ਦੀ ਕੋਈ ਕਸਰ ਬਾਕੀ ਨਹੀਂ ਛੱਡ ਰਹੇ।
ਅਨੁਰਾਗ ਠਾਕੁਰ ਨੇ ਪੰਜਾਬ ਦੀ ‘ਆਪ’ ਸਰਕਾਰ ’ਤੇ ਹਮਲਾ ਕਰਦਿਆਂ ਕਿਹਾ ਕਿ ਚੋਣਾਂ ਤੋਂ ਪਹਿਲਾਂ ‘ਆਪ’ ਨੇ ਵਾਅਦਾ ਕੀਤਾ ਸੀ ਕਿ ਸੱਤਾ ’ਚ ਆਉਣ ’ਤੇ ਉਹ ਸੂਬੇ ਨੂੰ ਨਸ਼ਾ ਮੁਕਤ ਬਣਾ ਦੇਣਗੇ ਪਰ ਦੋ ਸਾਲ ਬੀਤਣ ਦੇ ਬਾਵਜੂਦ ਸੂਬੇ ਨੂੰ ‘ਨਸ਼ਾ ਯੁਕਤ ਪੰਜਾਬ’ ਬਣਾ ਦਿੱਤਾ ਹੈ। ਖੇਡਾਂ ਲਈ ਮਸ਼ਹੂਰ ਜਲੰਧਰ ਸਮੇਤ ਪੂਰੇ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਇੱਥੇ ਨਸ਼ੇ ਦਾ ਕਾਰੋਬਾਰ, ਫਿਰੌਤੀ, ਗੈਂਗ ਵਾਰ ਅਤੇ ਭ੍ਰਿਸ਼ਟਾਚਾਰ ਆਪਣੇ ਸਿਖ਼ਰ ’ਤੇ ਹੈ। ਆਜ਼ਾਦੀ ਤੋਂ ਬਾਅਦ ਸ਼ਾਇਦ ਇਹ ਪਹਿਲੀ ਪਾਰਟੀ ਦੀ ਸਰਕਾਰ ਹੋਵੇਗੀ ਜਿਸ ਦੇ ਦਿੱਲੀ ਸਰਕਾਰ ਦੇ ਸਿਹਤ ਮੰਤਰੀ, ਸਿੱਖਿਆ ਮੰਤਰੀ, ਉਪ ਮੁੱਖ ਮੰਤਰੀ ਅਤੇ ਮੁੱਖ ਮੰਤਰੀ ਖ਼ੁਦ ਜੇਲ੍ਹ ਵਿੱਚ ਹਨ।

Show More

Related Articles

Leave a Reply

Your email address will not be published. Required fields are marked *

Close