Punjab

ਸਰਬੱਤ ਖਾਲਸਾ ਸੱਦਣ ਦਾ ਹੱਕ ਕੇਵਲ ਅਕਾਲ ਤਖ਼ਤ ਦੇ ਜਥੇਦਾਰ ਨੂੰ: ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਵੱਲੋਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਵਿਸਾਖੀ ਮੌਕੇ ਸਰਬੱਤ ਖਾਲਸਾ ਸੱਦਣ ਦੀ ਕੀਤੀ ਗਈ ਅਪੀਲ ਬਾਰੇ ਸ਼੍ਰੋਮਣੀ ਕਮੇਟੀ ਫਿਲਹਾਲ ਚੁੱਪ ਹੈ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਸਰਬੱਤ ਖਾਲਸਾ ਸੱਦਣ ਦਾ ਅਧਿਕਾਰ ਸਿਰਫ਼ ਤੇ ਸਿਰਫ਼ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਕੋਲ ਹੈ। ਕੋਈ ਵਿਅਕਤੀ ਨਿੱਜੀ ਤੌਰ ’ਤੇ ਸਰਬੱਤ ਖਾਲਸਾ ਨਹੀਂ ਸੱਦ ਸਕਦਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਹੀ ਫੈਸਲਾ ਲੈ ਸਕਦੇ ਹਨ ਅਤੇ ਉਹ ਜੋ ਵੀ ਫੈਸਲਾ ਲੈਣਗੇ, ਉਹ ਸਭ ਨੂੰ ਪ੍ਰਵਾਨ ਹੋਵੇਗਾ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜਦੋਂ ਤੋਂ ਇਹ ਅਹੁਦਾ ਸੰਭਾਲਿਆ ਹੈ, ਹਰ ਫੈਸਲਾ ਬੜੇ ਠਰ੍ਹੰਮੇ, ਸੂਝ-ਬੂਝ ਅਤੇ ਸਭ ਦੀ ਰਾਇ ਲੈ ਕੇ ਕੀਤਾ ਹੈ। ਉਨ੍ਹਾਂ ਸਾਰੇ ਹੀ ਫੈਸਲੇ ਬੜੀ ਬੇਬਾਕੀ ਨਾਲ ਕੀਤੇ ਹਨ। ਇਸ ਲਈ ਇਸ ਸਬੰਧੀ ਉਹ ਜੋ ਵੀ ਫੈਸਲ਼ਾ ਕਰਨਗੇ ,ਉਹ ਠੀਕ ਹੋਵੇਗਾ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਨੇ ਫੈਸਲਾ ਕੀਤਾ ਹੈ ਕਿ ਹਾਲ ਹੀ ਵਿੱਚ ਪੁਲੀਸ ਵੱਲੋਂ ਗ੍ਰਿਫਤਾਰ ਕੀਤੇ ਗਏ ਬੇਕਸੂਰ ਸਿੱਖ ਨੌਜਵਾਨਾਂ ਦੇ ਕੇਸਾਂ ਦੀ ਪੈਰਵੀ ਕੀਤੀ ਜਾਵੇਗੀ। ਇਸ ਸਬੰਧੀ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਕਾਨੂੰਨੀ ਚਾਰਾਜੋਈ ਕਰਨ ਵਾਸਤੇ ਆਦੇਸ਼ ਵੀ ਕੀਤੇ ਗਏ ਸਨ। ਸ਼੍ਰੋਮਣੀ ਕਮੇਟੀ ਵੱਲੋਂ ਇਨ੍ਹਾਂ ਸਿੱਖ ਨੌਜਵਾਨਾਂ ਦੇ ਕੇਸਾਂ ਦੀ ਕਾਨੂੰਨੀ ਚਾਰਾਜੋਈ ਵਾਸਤੇ ਹਰ ਸੰਭਵ ਯਤਨ ਕੀਤਾ ਜਾਵੇਗਾ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ਦੌਰਾਨ ਜਨਰਲ ਹਾਊਸ ਵੱਲੋਂ ਮਤਾ ਪਾਸ ਕੀਤਾ ਗਿਆ ਹੈ। ਇਸੇ ਮੰਗ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਸਿੱਖ ਰੋਸ ਮਾਰਚ ਵੀ ਕੱਢਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਜੇਕਰ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਵੱਲੋਂ ਵੀ ਕਾਨੂੰਨੀ ਚਾਰਾਜੋਈ ਦੀ ਮਦਦ ਵਾਸਤੇ ਮੰਗ ਕੀਤੀ ਜਾਵੇਗੀ ਤਾਂ ਸ਼੍ਰੋਮਣੀ ਕਮੇਟੀ ਉਸ ਦੀ ਵੀ ਮਦਦ ਕਰੇਗੀ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾ ਇਸ ਮਾਮਲੇ ਵਿਚ ਬਿਲਕੁਲ ਸਪੱਸ਼ਟ ਹੈ ਕਿ ਸਰਕਾਰ ਵੱਲੋਂ ਸਿੱਖਾਂ ਦੇ ਖਿਲਾਫ਼ ਅਤੇ ਸਿੱਖਾਂ ਦੀ ਸਾਖ਼ ਨੂੰ ਖਰਾਬ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ।

Show More

Related Articles

Leave a Reply

Your email address will not be published. Required fields are marked *

Close